ਨਵਾਂਸ਼ਹਿਰ, 2 ਮਾਰਚ : ਜ਼ਿਲਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ 'ਤੇ ਇਨਾਂ ਵੱਡੇ ਦਰੱਖਤਾਂ 'ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ 'ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨਾਂ ਦੀ ਕਟਾਈ 'ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 28 ਫ਼ਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ ਲਈ ਉਨਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜਿੰਮੇਵਾਰ ਹੋਣਗੇ। ਇਹ ਹੁਕਮ 28 ਫਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ।