ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 20 ਅਪ੍ਰੈਲ ਨੂੰ-ਸਾਕਸ਼ੀ ਸਾਹਨੀ

ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ-ਡੀ.ਸੀ.
ਪਟਿਆਲਾ, 11 ਅਪ੍ਰੈਲ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ 20 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਪੱਤਰ ਮੁਤਾਬਕ ਭਾਰਤ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਅਤੇ ਅਕਾਊਂਟੈਂਟ ਜਨਰਲ (ਏ.ਐਂਡ.ਈ.), ਪੰਜਾਬ ਵੱਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਉਣ ਲਈ ਕਿਹਾ ਗਿਆ ਹੈ।
ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 20 ਅਪ੍ਰੈਲ 2022 ਨੂੰ ਦੀ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ, ਜਿਸ 'ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੌਰਾਨ ਆਡਿਟਰ ਜਨਰਲ ਦਫ਼ਤਰ ਤੋਂ ਟੀਮ ਮੈਂਬਰ, ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੇ ਬੈਂਕਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਿੱਸਾ ਲੈਣਗੇ।