ਨਸ਼ਾ ਤਸਕਰਾਂ ਬਾਰੇ ਸੂਚਨਾ ਦਿਓ, ਬਰਾਮਦਗੀ ’ਤੇ 51000 ਰੁਪਏ ਦਾ ਨਕਦ ਇਨਾਮ ਪਾਓ- ਡੀ ਸੀ ਰੰਧਾਵਾ

ਫੜੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਦੇ ਆਧਾਰ 'ਤੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ-ਐਨ.ਪੀ.ਐੱਸ. ਰੰਧਾਵਾ

ਨਵਾਂਸ਼ਹਿਰ, 27 ਅਪ੍ਰੈਲ: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਨਸ਼ਿਆਂ ਦੀ ਵੱਡੀ ਖ਼ੇਪ ਬਾਰੇ ਸੂਚਨਾ ਦੇਣ ਵਾਲੇ ਨੂੰ 51000 ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ, ਇਹ ਇਨਾਮ ਨਸ਼ਿਆਂ ਦੀ ਦੱਸੀ ਗਈ ਖ਼ੇਪ ਦੀ ਬਰਾਮਦਗੀ ਉਪਰੰਤ ਹੀ ਮਿਲੇਗਾ।    ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤ  ਭਾਰਤ ਅਭਿਆਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਪੁਲਿਸ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਪੁਲਿਸ ਹਰੇਕ ਸੂਚਨਾ 'ਤੇ ਕਾਰਵਾਈ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਦਫ਼ਤਰ ਵੱਲੋਂ ਇੱਕ ਹੈਲਪਲਾਈਨ ਨੰਬਰ ਆਮ ਲੋਕਾਂ ਲਈ ਨਸ਼ਰ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਜਾਂ ਸਬੰਧਤ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਣ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਸਕਣ।ਉਨ੍ਹਾਂ ਨੇ ਸਿਹਤ ਅਧਿਕਾਰੀਆਂ ਤੋਂ ਤੰਬਾਕੂ ਉਤਪਾਦ 'ਕੂਲ-ਲਿਪ' ਬਾਰੇ ਵੀ ਰਿਪੋਰਟ ਮੰਗੀ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਪੋਰਟ ਭੇਜਣ ਲਈ ਕਿਹਾ।     ਐਨ.ਪੀ.ਐਸ.ਰੰਧਾਵਾ ਨੇ ਕਿਹਾ ਕਿ ਇਨਾਮ ਦੇ ਇਸ ਨਿਰਣੇ ਦਾ ਮੁੱਖ ਉਦੇਸ਼ ਨਸ਼ਿਆਂ ਦੀ ਅਲਾਮਤ ਦਾ ਮੁਕੰਮਲ ਸਫ਼ਾਇਆ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
     ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੂੰ ਇਸ ਬੁਰਾਈ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।ਉਨ੍ਹਾਂ ਕਿਹਾ ਕਿ ਐੱਸ.ਬੀ.ਐੱਸ.ਨਗਰ ਪੁਲਿਸ ਪਹਿਲਾਂ ਹੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਕੇ ਸਲਾਖਾਂ ਪਿੱਛੇ ਡੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸੋਮਵਾਰ ਤੋਂ ਖਟਕੜ ਕਲਾਂ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੇ ਅਤੇ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਮਾਜ ਦੇ ਹਰ ਵਰਗ ਨੂੰ ਇਸ ਨੇਕ ਕਾਰਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦਾ ਹਿੱਸਾ ਬਣਨਾ ਚਾਹੀਦਾ ਹੈ।
   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਇਹ ਮੁਹਿੰਮ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਇੱਕ ਲੋਕ ਲਹਿਰ ਬਣ ਜਾਵੇਗੀ।ਉਨ੍ਹਾਂ ਇਸ ਮੌਕੇ ਮੀਟਿੰਗ ਵਿਚ ਇੰਸਪੈਕਟਰ ਨਰੇਸ਼ ਕੁਮਾਰੀ ਨੂੰ ਵਿਸ਼ੇਸ਼ ਤੌਰ 'ਤੇ ਬੁਲਾ ਕੇ ਉਸ ਵੱਲੋਂ ਨਸ਼ਿਆਂ ਦੀ ਰੋਕਥਾਮ ਬਾਰੇ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ, ਪ੍ਰਸ਼ਾਸਨ ਦੀ ਮੌਜੂਦਾ ਮੁਹਿੰਮ ਬਾਬਤ ਸੁਝਾਅ ਵੀ ਲਏ।
    ਇਸ ਮੌਕੇ ਡੀ ਐਸ ਪੀ ਅਮਰਨਾਥ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਗੌਤਮ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ, ਖੇਡ ਵਿਭਾਗ ਤੋਂ ਕੋਚ ਮਲਕੀਅਤ ਸਿੰਘ, ਸਿਹਤ ਵਿਭਾਗ ਦੇ ਜ਼ਿਲ੍ਹਾ ਵਿਹਾਰ ਪਰਿਵਰਤਨ ਫੇਸਿਲਿਟੇਟਰ ਮੰਗ ਗੁਰਪ੍ਰਸਾਦ ਸਿੰਘ, ਡੀ ਪੀ ਓ ਦਫ਼ਤਰ ਤੋਂ ਸਮਾਇਲੀ ਥਿੰਦ ਤੇ ਲੈਕਚਰਾਰ ਬਲਦੀਸ਼ ਸਿੰਘ ਹਾਜ਼ਰ ਸਨ।