ਬੰਗਾ, 23 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਕਾਉਂਸਲਿੰਗ-ਕਮ-ਰੋਜ਼ਗਾਰ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਿਤ ਸਰੀਨ ਅਤੇ'ਆਪ' ਦੇ ਸੀਨੀਅਰ ਆਗੂ ਕੁਲਜੀਤ ਸਰਹਾਲ ਨਾਲ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸਫ਼ਲਤਾ ਦੀ ਕਾਮਨਾ ਕੀਤੀ। ਸ਼੍ਰੀ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਕੁੱਲ 98 ਨੌਜਵਾਨਾਂ ਨੇ ਭਾਗ ਲਿਆ ਅਤੇ ਥਿੰਕ ਗੈਸ ਕੰਪਨੀ ਵੱਲੋਂ 12 ਆਈ.ਟੀ.ਆਈ ਡਿਪਲੋਮਾ ਹੋਲਡਰ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਬਾਕੀ ਰਹਿੰਦੇ ਨੌਜਵਾਨਾਂ ਨੂੰ ਨੌਕਰੀ ਦੇ ਹੋਰ ਮੌਕਿਆਂ ਤੋਂ ਜਾਣੂ ਕਰਵਾਉਣ ਲਈ ਡੀ.ਬੀ.ਈ.ਈ ਦਫ਼ਤਰ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਰੋਜ਼ਗਾਰ ਮਿਲ ਸਕੇ। ਉਨ੍ਹਾਂ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਵਧਾਉਣ ਅਤੇ ਘੱਟ ਤੋਂ ਘੱਟ ਗ੍ਰੈਜੂਏਸ਼ਨ ਜ਼ਰੂਰ ਕਰਨ ਕਿਉਂ ਜੋ ਅੱਜ ਕਲ੍ਹ ਹਰ ਨੌਕਰੀ ਵਾਸਤੇ ਗ੍ਰੈਜੂਏਸ਼ਨ ਦੀ ਮੰਗ ਕੀਤੀ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਸੁਪਨੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਏ ਜਾਣਗੇ ਅਤੇ ਇਹ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ।