ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 9 ਮਈ ਤੋਂ ਸ਼ੁਰੂ ਹੋਵੇਗਾ

ਨਵਾਂਸ਼ਹਿਰ, 2 ਮਈ: ਕਿਸਾਨਾਂ ਅਤੇ ਨੌਜਵਾਨਾਂ ਨੂੰ ਡੇਅਰੀ ਕਿੱਤੇ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸ਼ੇਸ਼ ਸਿਖਲਾਈ ਦੇਣ ਲਈ ਡੇਅਰੀ ਵਿਕਾਸ ਵਿਭਾਗ 9 ਮਈ, 2022 ਤੋਂ ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਸ਼ੁਰੂ ਕਰੇਗਾ।

    ਡੇਅਰੀ ਵਿਕਾਸ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪੋਸ਼ਣ/ਫੀਡਿੰਗ ਪ੍ਰਬੰਧਨ, ਦੁਧਾਰੂ ਪਸ਼ੂਆਂ ਦੀ ਦੇਖਭਾਲ ਅਤੇ ਸਾਂਭ-ਸੰਭਾਲ ਆਦਿ ਤੋਂ ਲੈ ਕੇ ਹੋਰ ਵੱਖ-ਵੱਖ ਵਿਸ਼ਿਆਂ 'ਤੇ ਵਿਸਤ੍ਰਿਤ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਫਗਵਾੜਾ ਵਿਖੇ ਉਲੀਕਿਆ ਗਿਆ ਹੈ।

    ਉਨ੍ਹਾਂ ਅੱਗੇ ਦੱਸਿਆ ਕਿ ਕੋਰਸ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ,ਮਹਾਲੋਂ (ਨਵਾਂਸ਼ਹਿਰ) ਵਿਖੇ ਸੰਪਰਕ ਕਰ ਸਕਦੇ ਹਨ ਅਤੇ ਵਿਭਾਗ ਦੇ ਸੰਪਰਕ ਨੰਬਰ 01823-225050 ਤੋਂ ਵੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਕੋਰਸ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 6 ਮਈ ਹੈ।

     ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਵਿਭਾਗ ਦੇ ਡੇਅਰੀ ਦੇ ਖੇਤਰ ਦੇ ਮਾਹਿਰ, ਡੇਅਰੀ ਦਾ ਕਿੱਤਾ ਚੁਣਨ ਦੇ ਚਾਹਵਾਨ ਨੌਜਵਾਨਾਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਨਗੇ।  ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਡੇਅਰੀ ਕਿੱਤੇ ਨਾਲ ਸਬੰਧਤ ਜਾਣਕਾਰੀ ਭਰਪੂਰ ਫਿਲਮਾਂ ਵੀ ਦਿਖਾਈਆਂ ਜਾਣਗੀਆਂ।