ਉੱਚੀ ਉਡਾਣ ਲਈ ਉੱਚੇ ਸੁਫ਼ਨੇ ਵੇਖੋ ਅਤੇ ਸਖ਼ਤ ਮਿਹਨਤ ਕਰੋ, ਡੀ ਸੀ ਰੰਧਾਵਾ ਨੇ ਕੀਤਾ ਵਿਦਿਆਰਥੀਆਂ ਨੂੰ ਉਤਸ਼ਾਹਿਤ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਪੋਜੇਵਾਲ, 4 ਮਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਭਵਿੱਖ ਉੱਚੀ ਉਡਾਣ ਲਈ ਉੱਚੇ ਸੁਫ਼ਨੇ ਦੇਖਣ ਅਤੇ ਉਨ੍ਹਾਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਕੇ ਆਪਣੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਦਾ ਸੱਦਾ ਦਿੱਤਾ। ਪੋਜੇਵਾਲ ਦੇ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨਾਂ ਦੇ ਮੋਢਿਆਂ 'ਤੇ ਵੱਡੀ ਜਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨ 'ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫਲਤਾ ਹੀ ਸਫਲਤਾ ਦਾ ਥੰਮ ਹੈ। ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਆਖਦਿਆਂ ਆਪਣੇ ਦੇਸ਼ ਦੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਕਿਹਾ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਅਤੇ ਉਨ੍ਹਾਂ (ਆਉਣ ਵਾਲੀ ਪੀੜ੍ਹੀ) ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜੁਆਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਨੌਜੁਆਨਾਂ ਨੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ, ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਇਮਤਿਹਾਨਾਂ ਦੇ ਟਾਪਰਾਂ ਨੂੰ ਇਨਾਮ ਵੀ ਵੰਡੇ ਅਤੇ ਜ਼ਿਆਦਾਤਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜਨ ਵਾਲੀਆਂ ਲੜਕੀਆਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਜਵਾਹਰ ਨਵੋਦਿਆ ਵਿਦਿਆਲਾ ਦੇ ਕੈਂਪਸ ਦਾ ਵੀ ਦੌਰਾ ਕੀਤਾ ਅਤੇ ਹੋਸਟਲ ਦਾ ਵੀ ਦੌਰਾ ਕੀਤਾ। ਇਸ ਦੌਰਾਨ ਪਿ੍ਰੰਸੀਪਲ ਰਵਿੰਦਰ ਕੁਮਾਰ ਨੇ ਸਾਲਾਨਾ ਰਿਪੋਰਟ ਪੜ੍ਹ ਕੇ ਸਕੂਲ ਅਤੇ ਇਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ ਵੀ ਹਾਜ਼ਰ ਸਨ।