ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਾਇਆ

ਨਵਾਂਸ਼ਹਿਰ, 20 ਮਈ : - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਆਤਮਾ ਸਕੀਮ ਅਧੀਨ ਪਿੰਡ ਸਲੋਹ ਅਤੇ ਪੱਲੀ ਉੱਚੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਏ ਗਏ।
ਇਸ ਮੌਕੇ ਡਾ.ਰਾਜ ਕੁਮਾਰ ਖੇਤੀਬਾੜੀ ਅਫਸਰ, ਨਵਾਂਸ਼ਹਿਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸੂਬੇ ਵਿੱਚ ਜਮੀਨ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਥੱਲੇ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 20-25 ਪ੍ਰਤੀਸ਼ਤ ਬੱਚਤ ਹੁੰਦੀ ਹੈ ਅਤ ਜੜ੍ਹਾਂ ਡੂੰਘੀਆਂ ਜਾਣ ਕਰਕੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ। ਇਸ ਤੋਂ ਇਲਾਵਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਹੀ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਤਰ ਵੱਤਰ ਖੇਤ ਵਿੱਚ ਮਿਤੀ 20 ਮਈ ਤੋਂ 15 ਜੂਨ ਤੱਕ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ।
        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ (ਪ੍ਰਤੀ ਏਕੜ) ਦੀ ਮਾਲੀ ਮੱਦਦ ਵੀ ਦਿੱਤੀ ਜਾ ਰਹੀ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸੂਬੇ ਦੇ ਪਾਣੀ ਨੂੰ ਬਚਾਉਣ ਲਈ, ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਂਦਾ ਜਾਵੇ। ਇਸ ਤੋਂ ਇਲਾਵਾ ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ, ਨਵਾਂਸ਼ਹਿਰ ਵੱਲੋ ਦੱਸਿਆ ਕਿ ਝੋਨੇ ਹੇਠੋਂ ਰਕਬਾ ਕੱਢ ਕੇ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਹੇਠ ਅਤੇ ਬਾਸਮਤੀ ਦੀ ਫ਼ਸਲ ਹੇਠ ਲਿਆਉਣਾ ਚਾਹੀਦਾ ਹੈ।
      ਇਸ ਮੌਕੇ ਕਿਸਾਨ ਮੋਹਣ ਸਿੰਘ, ਕੁਲਵੀਰ ਸਿੰਘ, ਸੋਹਣ ਸਿੰਘ, ਗੁਰਨੇਕ ਸਿੰਘ, ਅਵਤਾਰ ਸਿੰਘ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ। ਵਿਭਾਗ ਦੇ ਅਧਿਕਾਰੀ/ਕਰਮਚਾਰੀ ਦਲਜੀਤ ਸਿੰਘ (ਏ.ਈ.ਓ), ਸਰਬਜੀਤ ਸਿੰਘ (ਏ.ਐਸ.ਆਈ), ਕੁਲਜਿੰਦਰ ਕੁਮਾਰ (ਏ.ਟੀ.ਐਮ), ਜਸਵਿੰਦਰ ਕੋਰ (ਏ.ਟੀ.ਐਮ), ਰਾਮ ਲੁਭਾਇਆ (ਬੇਲਦਾਰ) ਹਾਜ਼ਰ ਸਨ।