ਐਸ ਐਸ ਪੀ ਨੇ ਜ਼ਿਲ੍ਹੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨਾਲ ਕੀਤੀ ਗੱਲਬਾਤ, ਮੰਗਿਆ ਸਹਿਯੋਗ
ਬੰਗਾ, 21 ਮਈ:- ਮਹਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੈਂਕੜੇ ਨੌਜਵਾਨਾਂ ਨੇ ਨਸ਼ਾਖੋਰੀ ਵਿਰੁੱਧ ਸਹੁੰ ਚੁੱਕੀ।
ਨੌਜਵਾਨਾਂ ਨੂੰ ਸਹੁੰ ਚੁਕਾਉਂਦੇ ਹੋਏ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਊਰਜਾ ਅਤੇ ਅਦੁੱਤੀ ਜਜ਼ਬੇ ਨਾਲ ਭਰਪੂਰ ਹੁੰਦੇ ਹਨ ਜੋ ਉਨ੍ਹਾਂ ਨੂੰ ਕਿਸੇ ਵੀ ਸਥਿਤੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਦਾ ਹੈ।
ਅੱਤਵਾਦ ਦੀਆਂ ਉਦਾਹਰਨਾਂ ਦਿੰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਨੇ ਸੂਬੇ ਨੂੰ ਸ਼ਾਂਤਮਈ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਦ੍ਰਿੜ ਸੰਕਲਪ ਅਤੇ ਦਲੇਰੀ ਸਦਕਾ ਕਾਲੇ ਦਿਨਾਂ ਨੂੰ ਵੀ ਮਾਤ ਦਿੱਤੀ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਸੇ ਭਾਵਨਾ ਦਾ ਪ੍ਰਗਟਾਵਾ ਕਰਨ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਲੋਕਾਂ ਦਾ ਦਿਲੋਂ ਸਹਿਯੋਗ ਲੈਣ ਲਈ ਲਗਾਤਾਰ ਉਨ੍ਹਾਂ ਨਾਲ ਸੰਪਰਕ ਅਤੇ ਗੱਲਬਾਤ ਕੀਤੀ ਜਾ ਰਹੀ ਹੈ।
ਇਸ ਮੌਕੇ ਐਸਪੀ (ਡੀ) ਸਰਬਜੀਤ ਬਾਹੀਆ, ਡੀਐਸਪੀ ਬੰਗਾ ਗੁਰਪ੍ਰੀਤ ਸਿੰਘ, ਡੀਐਸਪੀ ਬਲਾਚੌਰ ਤਰਲੋਚਨ ਸਿੰਘ ਆਦਿ ਹਾਜ਼ਰ ਸਨ।