ਸੜ੍ਹਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ‘ਗੁੱਡ ਸਮਾਰਟੀਅਨ ਸਕੀਮ’ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ-ਡੀ ਸੀ ਰੰਧਾਵਾ

ਪ੍ਰਾਈਵੇਟ ਹਸਪਤਾਲ ਜਾਂਚ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ
ਨਵਾਂਸ਼ਹਿਰ, 24 ਮਈ, :- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ 'ਗੁੱਡ ਸਮਾਰਟੀਅਨ ਸਕੀਮ' ਬਾਰੇ ਜਾਗਰੂਕਤਾ ਪੈਦਾ ਕਰਨ।
ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 'ਫੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ' ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਇਮਾਰਤਾਂ, ਬਾਜ਼ਾਰਾਂ ਜਾਂ ਸੜਕਾਂ 'ਤੇ ਹੋਰਡਿੰਗ/ਬੈਨਰ ਲਗਾਉਣ ਲਈ ਕਿਹਾ।  ਉਨ੍ਹਾਂ ਕਿਹਾ ਕਿ ਲੋਕ ਆਮ ਤੌਰ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੋਂ ਡਰਦੇ ਹਨ, ਜਿਸ ਕਾਰਨ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਅੱਗੇ ਨਹੀਂ ਆਉਂਦੇ ਪ੍ਰੰਤੂ ਇਸ ਸਕੀਮ ਦਾ ਉਦੇਸ਼ ਅਜਿਹੇ ਕਿਸੇ ਵੀ ਤਰ੍ਹਾਂ ਦੇ ਝੰਜਟ ਤੋਂ ਮੁਕਤੀ ਦਿਵਾ ਕੇ ਸੜ੍ਹਕ ਹਾਦਸਿਆਂ ਦੇ ਪੀੜਤਾਂ ਦੀ ਮੱਦਦ ਲਈ ਉਤਸ਼ਾਹਿਤ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੱਦਦ ਕਰਨ ਵਾਲੇ ਨੂੰ ਕਿਸੇ ਵੀ ਕਿਸਮ ਦੀ ਪ੍ਰੇੇਸ਼ਾਨੀ ਜਾਂ ਕਾਨੂੰਨੀ ਝੰਜਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲੋਕਾਂ ਨੂੰ ਸੜ੍ਹਕ ਦੁਰਘਟਨਾ ਦੇ ਪੀੜਤਾਂ ਨੂੰ ਉਨ੍ਹਾਂ ਦੀ ਜਾਨ ਬਚਾਉਣ ਦੇ ਕੀਮਤੀ ਪਲਾਂ ਵਿੱਚ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਨ ਲਈ ਉਤਸ਼ਾਹਿਤ ਕਰੇਗੀ।
ਇਸ ਦੌਰਾਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਆਦੇਸ਼ ਦਿੱਤੇ ਕਿ ਜਦੋਂ ਵੀ ਤਫ਼ਤੀਸ਼ੀ ਅਫ਼ਸਰ ਅਪਰਾਧਿਕ ਮਾਮਲਿਆਂ ਦੇ ਪੀੜਤਾਂ ਦਾ ਮੈਡੀਕਲ ਰਿਕਾਰਡ ਲੈਣ ਲਈ ਉਨ੍ਹਾਂ ਦੇ ਅਦਾਰਿਆਂ ਦਾ ਦੌਰਾ ਕਰਨ ਤਾਂ ਤਫ਼ਤੀਸ਼ੀ ਅਫ਼ਸਰਾਂ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਸਬੰਧੀ ਹਲਫੀਆ ਬਿਆਨ ਤਿਆਰ ਕਰਕੇ ਜਾਂਚ ਅਧਿਕਾਰੀਆਂ ਨੂੰ ਸੌਂਪਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਪੋਸਕੋ ਐਕਟ ਤਹਿਤ ਔਰਤਾਂ ਜਾਂ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ, ਜਬਰ ਜਨਾਹ ਦੇ ਕੇਸਾਂ ਲਈ ਮਹਿਲਾ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ: ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ.ਏ ਸਤਨਾਮ ਸਿੰਘ ਆਦਿ ਹਾਜ਼ਰ ਸਨ।