ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਜਾਣਕਾਰੀ 5 ਜੂਨ ਤੱਕ ਪੋਰਟਲ ’ਤੇ ਅਪਲੋਡ ਕਰਵਾਉਣ - ਡਾ. ਰਾਜ ਕੁਮਾਰ

ਨਵਾਂਸ਼ਹਿਰ, 1 ਜੂਨ, 2022: ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ, ਨਵਾਂਸ਼ਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਪੰਜਾਬ ਸੂਬੇ ਦੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ। ਇਸ ਕਰਕੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ 5 ਜੂਨ 2022 ਤੱਕ ਬੀਜੇ ਗਏ ਰਕਬੇ ਦੀ ਜਾਣਕਾਰੀ ਸਬੰਧੀ ਦਸਤਾਵੇਜ਼ ਜਿਵੇਂ ਕਿ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਦਾ ਖ਼ਸਰਾ ਨੰਬਰ ਪੋਰਟਲ 'ਤੇ ਹਰ ਹਾਲਤ ਵਿੱਚ ਅਪਲੋਡ ਕਰਵਾਉਣ। ਪੋਰਟਲ https://agrimachinerypb.com/home/DSR22 'ਤੇ ਜਾਣਕਾਰੀ ਅਪਲੋਡ ਕਰਵਾਉਣ ਵਾਲੇ ਕਿਸਾਨਾਂ ਨੂੰ ਹੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਬਲਾਕ ਨਵਾਂਸ਼ਹਿਰ ਦੇ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਖੇਤੀਬਾੜੀ ਦਫ਼ਤਰ ਬਲਾਕ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦਾ ਹੈ। ਬਲਾਕ ਨਵਾਂਸ਼ਹਿਰ ਲਈ ਮੋਬਾਇਲ ਨੰਬਰ- 88720-53152 ਅਤੇ 98153-34343 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।