ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਰਾਜਿੰਦਰਾ ਹਸਪਤਾਲ ਦਾ ਕੀਤਾ ਦੌਰਾ

-ਮਾਡਲ ਨਸ਼ਾ ਮੁਕਤੀ ਕੇਂਦਰ 'ਚ ਮਹਿਲਾਵਾਂ ਅਤੇ ਬੱਚਿਆਂ ਲਈ ਸ਼ੁਰੂ ਕੀਤਾ ਵੱਖਰਾ ਵਾਰਡ
ਪਟਿਆਲਾ, 1 ਜੂਨ:  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮਾਡਲ ਨਸ਼ਾ ਮੁਕਤੀ ਕੇਂਦਰ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾ ਅਤੇ ਇਥੇ ਮਹਿਲਾਵਾਂ ਤੇ ਬੱਚਿਆਂ ਲਈ ਸ਼ੁਰੂ ਕੀਤੇ ਨਵੇਂ ਵਾਰਡ 'ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਥੇ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਦੇ ਪੁਨਰ ਵਸੇਬੇ ਲਈ ਰਣਨੀਤੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਤੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਇੰਚਾਰਜ ਡਾ. ਰਜਨੀਸ਼ ਵੀ ਮੌਜੂਦ ਸਨ।
  ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਰੀਜ਼ਾ ਲਈ ਬਣਾਏ ਗਏ ਜਿੰਮ, ਲਾਇਬਰੇਰੀ, ਯੋਗਾ ਰੂਮ ਸਮੇਤ ਦਾਖਲ ਮਰੀਜ਼ਾਂ ਦੇ ਵਾਰਡਾਂ ਦਾ ਦੌਰਾ ਕਰਕੇ ਇਥੇ ਮਿਲ ਰਹੀਆਂ ਸਹੂਲਤਾਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਾ ਛੱਡ ਰਹੇ ਮਰੀਜ਼ਾਂ ਨੂੰ ਚੰਗਾ ਤੇ ਸਕਰਾਤਮਕ ਮਾਹੌਲ ਦੇਣ ਨਾਲ ਇਸ ਅਲਾਮਤ ਨੂੰ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਜੇਕਰ ਅਸੀਂ ਹੁਣ ਵੀ ਨਾ ਜਾਗੇ ਤਾਂ ਭਵਿੱਖ ਵਿੱਚ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਵਿੱਚ ਮੌਹਰੀ ਭੂਮਿਕਾ ਅਦਾ ਕਰਨ ਕਿਉਂਕਿ ਨਸ਼ੇ ਜਿਸ ਤੇਜੀ ਨਾਲ ਸਾਡੇ ਨੌਜਵਾਨਾਂ ਨੂੰ ਆਪਣੀ ਗ੍ਰਿਫਤ ਵਿੱਚ ਲੈ ਰਹੇ ਹਨ ਜਿਸ ਦਾ ਮਿਲ-ਜੁਲ ਕੇ ਖਾਤਮਾ ਕੀਤਾ ਜਾ ਸਕਦਾ ਹੇ।
ਸਾਕਸ਼ੀ ਸਾਹਨੀ ਨੇ ਮਾਪਿਆਂ ਨੂੰ ਸੁਨੇਹਾ ਦਿੰਦਿਆ ਕਿਹਾ ਕਿ ਉਹ ਆਪਣੇ ਬੱਚਿਆਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਬੱਚੇ ਮਾੜੀ ਸੰਗਤ ਵਿੱਚ ਪੈ ਕੇ ਨਸ਼ਿਆਂ ਦੀ ਗ੍ਰਿਫਤ ਤੋਂ ਬਚੇ ਰਹਿ ਸਕਣ।ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਛੱਡਕੇ ਸਮਾਜ ਦੀ ਮੁਖਧਾਰਾ 'ਚ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਟਰੇਨਿੰਗ ਦਿੱਤੀ ਜਾਵੇ ਤਾਂ ਜੋ ਨਸ਼ਾ ਛੱਡਣ ਤੋਂ ਬਾਅਦ ਉਹ ਆਪਣਾ ਕੰਮ ਚਲਾ ਸਕਣ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਨਤ ਹਨ ਜੋ ਕਿ ਨਾ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਸਮਾਜ ਤੋਂ ਵੱਖ ਕਰ ਦਿੰਦੇ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਮਾਜਿਕ ਤੇ ਆਰਥਿਕ ਤੌਰ 'ਤੇ ਵੱਡਾ ਨੁਕਸਾਨ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੀ ਜਵਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੀਏ। ਇਯ ਮੌਕੇ ਡਾ. ਸੰਜੀਲਾ ਖਾਨ ਸਮੇਤ ਵਿਭਾਗ ਦੇ ਹੋਰ ਡਾਕਟਰ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਦੇ ਹੋਏ, ਉਨ੍ਹਾਂ ਦੇ ਨਾਲ ਏ.ਡੀ.ਸੀ. ਗੌਤਮ ਜੈਨ ਵੀ ਨਜ਼ਰ ਆ ਰਹੇ ਹਨ।