‘ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ’ ਸੀਨੀਅਰ ਸਿਟੀਜ਼ਨਜ਼ ਦੀ ਸ਼ਮੂਲੀਅਤ ਨਾਲ ਮਨਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ

ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਸਿਟੀਜ਼ਨਜ਼ ਨੂੰ ਆਪਣੇ ਨਿਰਾਸ਼ਾ 'ਚ ਰਹਿ ਰਹੇ ਸਾਥੀਆਂ ਦੀ ਮੱਦਦ ਕਰਨ ਦੀ ਅਪੀਲ

ਉਨ੍ਹਾਂ ਨੂੰ ਆਪਣੇ ਤਜਰਬੇ ਸਮਾਜ ਦੀ ਬੇਹਤਰੀ ਲਈ ਅਰਪਿਤ ਕਰਨ ਲਈ ਆਖਿਆ

ਬਜ਼ੁਰਗ ਆਪਣੀ ਮੁਸ਼ਕਿਲ ਦੇ ਹੱਲ ਲਈ ਹੈਲਪਲਾਈਨ 14567 ਡਾਇਲ ਕਰਨ
ਨਵਾਂਸ਼ਹਿਰ, 15 ਜੂਨ,: - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੀਨੀਅਰ ਸਿਟੀਜ਼ਨਜ਼ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਿਰਾਸ਼ਾ ਦੇ ਆਲਮ ਵਿੱਚ ਰਹਿ ਰਹੇ ਅਆਪਣਣੇ ਬਜ਼ੁਰਗ ਸਾਥੀਆਂ ਦੀ ਬਾਂਹ ਫੜਨ ਅਤੇ ਉਨ੍ਹਾਂ ਦੀ ਪਰਿਵਾਰਿਕ ਮੁਸ਼ਕਿਲਾਂ ਨੂੰ ਦੂਰ ਕਰਕੇ, ਉਨ੍ਹਾਂ ਨੂੰ ਰਹਿਣ ਲਈ ਹਾਂ-ਪੱਖੀ ਮਾਹੌਲ ਦੇਣ ਵਿੱਚ ਮੱਦਦ ਕਰਨ।
ਅੱਜ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' (ਵਰਲਡ ਐਲਡਰ ਅਬਿਊਜ਼ ਅਵੇਅਰਨੈਸ ਡੇਅ) ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹੇ ਦੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਭਾਗੀਦਾਰੀ ਨਾਲ ਕਰਵਾਏ ਗਏ ਗਆਂਏ ਸਮਾਰੋਹ ਦੀ ਪ੍ਰਧਾਨਗੀ  ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗ ਕਿਸੇ ਵੀ ਸਮਾਜ ਦਾ ਕੀਮਤੀ ਸਰਮਾਇਆ ਹੁੰਦੇ ਹਨ। ਉਨ੍ਹਾਂ ਕੋਲ ਜ਼ਿੰਦਗੀ ਦੀਆਂ ਔਕੜਾਂ ਨਾਲ ਜੂਝਦੇ ਹੋਏ, ਹਰ ਮੁਸ਼ਕਿਲ ਦੇ ਹੱਲ ਦੇ ਏਨੇ ਕੁ ਤਜਰਬੇ ਹੋ ਜਾਂਦੇ ਹਨ ਕਿ ਉਹ ਆਪਣੇ ਇਸ ਤਜਰਬੇ ਨੂੰ ਸਮਾਜ ਦੀ ਬੇਹਤਰੀ ਲਈ ਵੀ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਕਿਸੇ ਵੀ ਪਾਰਕ, ਗਲੀ ਜਾਂ ਛੱਪੜ ਜਾਂ ਕਿਸੇ ਹੋਰ ਥਾਂ ਨੂੰ ਅਪਣਾ ਸਕਦੇ ਹਨ ਅਤੇ ਉਨ੍ਹਾਂ ਨੂੰ ਹੋਰ ਬੇਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹੈਲਪ ਲਾਈਨ ਨੰ. 14567 ਸ਼ੁਰੂ ਕੀਤਾ ਗਿਆ ਹੈ, ਜਿਹੜਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ 'ਤੇ ਕੀਤੀ ਗਈ ਸ਼ਿਕਾਇਤ ਸਬੰਧਤ ਜ਼ਿਲ੍ਹਿਆਂ ਨੂੰ ਹੱਲ ਲਈ ਭੇਜੀ ਜਾਵੇਗੀ। ਉਨ੍ਹਾਂ ਇਸ ਹੈਲਪ ਲਾਈਨ ਦਾ ਲਾਭ ਲੈਣ ਦੀ ਅਪੀਲ ਕੀਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਨੇ ਇਸ ਦਿਵਸ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਦਿਨ ਬਜ਼ੁਰਗਾਂ ਦੇੇ ਕਿਸੇ ਵੀ ਕਿਸਮ ਦੇ ਸੋਸ਼ਣ ਨੂੰ ਰੋਕਣ ਅਤੇ ਜਾਗਰੂਕਤਾ ਲਈ ਸੰਯੁਕਤ ਰਾਸ਼ਟਰ ਵੱਲੋਂ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੈਲਪਏਜ ਇੰਡੀਆ ਦੀ ਮੱਦਦ ਨਾਲ ਬਜ਼ੁਰਗਾਂ ਲਈ ਹੈਲਪ ਲਾਈਨ ਨੰ. 14567 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਹਿੱਤਾਂ ਦੀ ਸਾਂਭ-ਸੰਭਾਲ ਲਈ 'ਮੇਂਟੀਨੈਂਸ ਤੇ ਵੈਲਫ਼ੇਅਰ ਆਫ਼ ਸੀਨੀਅਰ ਸਿਟੀਜ਼ਨਜ਼ ਐਕਟ 2007' ਬਾਰੇ ਵੀ ਜਾਣਕਾਰੀ ਦਿੱਤੀ। ਇਸ ਐਕਟ ਤਹਿਤ ਬਜ਼ੁਰਗ ਐਸ ਡੀ ਐਮ ਦਫ਼ਤਰ ਵਿੱਚ ਆਪਣੀ ਸ਼ਿਕਾਇਤ ਦੇ ਸਕਦੇ ਹਨ, ਜਿਸ 'ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੀਂ ਪਹਿਲਾਂ ਪਰਿਵਾਰਿਕ ਤੌਰ 'ਤੇ ਸ਼ਿਕਾਇਤ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਹੱਲ ਨਾ ਹੋਣ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਹੈਲਪ ਲਾਈਨ ਦੇ ਜ਼ਿਲ੍ਹੇ ਲਈ ਤਾਇਨਾਤ ਫ਼ੀਲਡ ਰਿਸਪੌਂਸ ਅਫ਼ਸਰ ਵਿਜੇ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਿ੍ਰਧ ਘਰਾਂ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਜੇ ਡੀ ਵਰਮਾ ਨੇ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਦੇ ਬਜ਼ੁਰਗਾਂ ਪ੍ਰਤੀ ਹਮਦਰਦਾਨਾ ਵਤੀਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਐਸੋਸੀਏਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਮੈਂਬਰਾਂ ਜਸਪਾਲ ਸਿੰਘ ਗਿੱਦਾ, ਗੁਰਚਰਨ ਅਰੋੜਾ, ਐਸ ਕੇ ਬਰੂਟਾ ਤੇ ਰਾਮ ਸ਼ਰਨ ਚੌਧਰੀ ਨੇ ਵੀ ਆਪਣੇ ਵਿਚਾਰ ਰੱਖੇ।

ਫ਼ੋਟੋ ਕੈਪਸ਼ਨ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮੌਕੇ ਡੀ ਸੀ ਐਨ ਪੀ ਐਸ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਤੀਨਿਧ।