ਪਟਿਆਲਾ 14 ਜੂਨ: - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ, ਇਕ ਨਾਮਵਰ ਵਿਦਵਾਨ ਸਿੱਖ ਪੰਥ ਕੋਲੋਂ ਦੂਰ ਹੋ ਗਿਆ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਇੱਕ ਬੇਬਾਕ ਬੁਲਾਰੇ, ਸਿੱਖ ਰਹਿਤ ਮਰਿਯਾਦਾ ਤੇ ਪਹਿਰਾ ਦੇਣ ਵਾਲੇ ਜਿਨ੍ਹਾਂ ਨੇ ਸੈਂਕੜੇ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਜ਼ਿੰਦਗੀ ਵਿਚ ਕਾਮਯਾਬ ਬਣਾਇਆ ਤੇ ਆਪਣੀ ਸਾਰੀ ਉਮਰ ਪੰਥਕ ਕਾਰਜਾਂ ਨੂੰ ਸਮਰਪਿਤ ਕੀਤੀ । ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ 66 ਸਾਲਾਂ ਦੇ ਸਨ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਚੋਣ ਜਿੱਤ ਕੇ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ ਤੇ ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਜੁਟੇ ਹੋਏ ਸਨ। ਉਨ੍ਹਾਂ ਦੱਸਿਆ ਕਿ 1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ, ਸਾਲ 1995 ਤੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਅਤੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿਚ ਜੀਵਨ ਭਰ ਦਾ ਵਡਮੁੱਲਾ ਯੋਗਦਾਨ ਰਿਹਾ ।