ਨਵਾਂਸ਼ਹਿਰ, 28 ਜੁਲਾਈ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਇੰਨ-ਸੀਟੂ ਸੀ.ਆਰ.ਐਮ. ਸਕੀਮ 2022-23 ਅਧੀਨ ਖੇਤੀ ਮਸ਼ੀਨਰੀ ਉਪਦਾਨ 'ਤੇ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਵਿਭਾਗ ਦੇ ਪੋਰਟਲ https://agrimachinerypb.com 'ਤੇ ਮਿਤੀ 28-07-2022 ਤੋਂ 15-08-2022 ਤੱਕ ਕੀਤੀ ਗਈ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਹੈਪੀਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਪੈਡੀ ਸਟਰਾਅ ਚੋਪਰ/ ਸ਼ਰੈਡਰ/ਮਲਚਰ, ਕਪਾਹ ਰੀਪਰ ਅਤੇ ਸੁਪਰ ਐਸ.ਐਮ.ਐਸ. ਮਸ਼ੀਨਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ 'ਤੇ ਉਪਲਬਧ ਹਨ। ਅਰਜ਼ੀ ਭਰਨ ਸਮੇ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੁਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਹੋਣਾ ਜ਼ਰੂਰੀ ਹੈ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਦੋ ਹੋਰ ਮੈਂਬਰਾਂ ਦਾ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮਨਜੂਰੀ ਪੱਤਰ ਉਨ੍ਹਾਂ ਦੇ ਮੋਬਇਲ ਰਾਹੀਂ ਮਿਲੇਗਾ, ਜਿਸ ਉਪਰੰਤ ਕਿਸਾਨ ਪੋਰਟਲ ਵਿੱਚ ਦਰਜ ਕਿਸੇ ਵੀ ਮੈਨੂਫੈਕਚਰਰ/ਸਪਲਾਇਰ ਤੋਂ ਮਸ਼ੀਨ ਲੈ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈਣ ਤਾਂ ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ)/ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰਨ।