ਟ੍ਰਾਂਸਜੈਂਡਰ ਸਮਾਜ ਦਾ ਹੋਵੇਗਾ ਸਮਾਜਿਕ, ਆਰਥਿਕ ਅਤੇ ਵਿਦਿਅਕ ਸਰਵੇਖਣ

ਟ੍ਰਾਂਸਜੈਂਡਰ ਆਪਣਾ ਪਹਿਚਾਣ ਪੱਤਰ/ਸਰਟੀਫ਼ਿਕੇਟ ਵੀ ਹਾਸਲ ਕਰ ਸਕਣਗੇ ਹੁਣ
ਨਵਾਂਸ਼ਹਿਰ, 18 ਜੁਲਾਈ:- ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਟ੍ਰਾਂਸਜੈਂਡਰ ਸਮਾਜ ਦੇ ਬਾਸ਼ਿੰਦਿਆਂ ਦਾ ਸਮਾਜਿਕ, ਆਰਥਿਕ ਅਤੇ ਵਿਦਿਅਕ ਸਰਵੇਖਣ ਕਰਨ ਲਈ ਆਖਿਆ ਹੈ ਤਾਂ ਜੋ ਉਨ੍ਹਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਕੋਲ ਰੱਖੀ ਪੱਛੜੀਆਂ ਸ੍ਰੇਣੀਆਂ 'ਚ ਸ਼ਾਮਿਲ ਕਰਨ ਦੀ ਮੰਗ ਦੀ ਸੰਭਾਵਨਾ ਦਾ ਪਤਾ ਲਾਇਆ ਜਾ ਸਕੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸਰਵੇਖਣ ਵਿੱਚ ਟ੍ਰਾਂਸਜੈਂਡਰ ਸਮਾਜ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਧਰ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਅੱਜ ਇੱਥੇ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਣ ਤੇ ਘੱਟ ਗਿਣਤੀ ਵਰਗ ਵਿਭਾਗ, ਜ਼ਿਲ੍ਹਾ ਉਦਯੋਗ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿਖਿਆ ਅਫ਼ਸਰ 'ਤੇ ਆਧਾਰਿਤ ਪ੍ਰਤੀਨਿਧੀਆਂ ਦੀ ਇਸ ਸਬੰਧੀ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਟ੍ਰਾਂਸਜੈਂਡਰ ਸਮਾਜ ਦੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ, ਇਸ 'ਤੇ ਅਗਲੀ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਜ਼ਿਲ੍ਹੇ ਦੇ ਟ੍ਰਾਂਸਜੈਂਡਰ ਸਮਾਜ ਨਾਲ ਸਬੰਧਤ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਜਾਂ ਸੁਝਾਅ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ ਸੀ ਕੰਪਲੈਕਸ) ਦੀ ਜ਼ਮੀਨੀ ਮੰਜ਼ਿਲ 'ਤੇ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਟ੍ਰਾਂਸਜੈਂਡਰ ਸਮਾਜ ਦੀ ਭਲਾਈ ਲਈ ਇਸ ਤੋਂ ਪਹਿਲਾਂ 'ਦੀ ਟ੍ਰਾਂਸਜੈਂਡਰ ਪਰਸਨ ਪ੍ਰੋਟੈਕਸ਼ਨ ਆਫ਼ ਰਾਈਟ ਐਕਟ 2020' ਵੀ ਨੋਟੀਫ਼ਾਈ ਕੀਤਾ ਗਿਆ ਹੈ, ਜਿਸ ਦੀ ਧਾਰਾ 6 ਅਤੇ 7 ਅਤੇ ਰੂਲਜ਼ ਦੀ ਕਲਾਜ਼ 3 ਤੇ 4 ਤਹਿਤ ਪਹਿਚਾਣ ਪੱਤਰ/ਸਰਟੀਫ਼ਿਕੇਟ ਜਾਰੀ ਕਰਨ ਦਾ ਉਪਬੰਧ ਕੀਤਾ ਗਿਆ ਹੈ। ਉੁਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਕੌਮੀ ਪੋਰਟਲ, 'ਨੈਸ਼ਨਲ ਪੋਰਟਲ ਫ਼ਾਰ ਟ੍ਰਾਂਸਜੈਂਡਰ ਪਰਸਨ' ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਪ੍ਰਾਪਤ ਹੋਏ ਬਿਨੈ ਪੱਤਰਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਨੂੰ ਸਮਰੱਥ ਅਧਿਕਾਰੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ 'ਤੇ ਆਉੁਣ ਵਾਲੀ ਅਰਜ਼ੀ ਦਾ ਨਿਪਟਾਰਾ 30 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉੁਹ ਆਪਣਾ ਟ੍ਰਾਂਸਜੈਂਡਰ ਆਈ ਡੀ/ ਸਰਟੀਫ਼ਿਕੇਟ ਬਣਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡੀ ਸੀ ਕੰਪਲੈਕਸ, ਨਵਾਂਸ਼ਹਿਰ ਵਿਖੇ ਵੀ ਸੰਪਰਕ ਕਰ ਸਕਦੇ ਹਨ।
ਮੀਟਿੰਗ ਵਿੱਚ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ, ਸੂਬਾ ਸਿੰਘ ਬਲਾਚੌਰ ਅਤੇ ਨਵਨੀਤ ਕੌਰ ਬੱਲ ਬੰਗਾ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਣ ਤੇ ਘੱਟ ਗਿਣਤੀ ਅਫ਼ਸਰ ਆਸ਼ੀਸ਼ ਕਥੂਰੀਆ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।