ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਜਾਇੰਟ ਡਾਇਰੈਕਟਰ ਵਜੋਂ ਪਦਉੰਨਤ
ਨਵਾਂਸ਼ਹਿਰ, 20 ਜੁਲਾਈ, 2022:
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਜਾਇੰਟ ਡਾਇਰੈਕਟਰ (ਪੌਦ ਸੁਰੱਖਿਆ) ਵਜੋਂ ਪਦਉੰਨਤ ਹੋ ਗਏ ਹਨ। ਉਨ੍ਹਾਂ ਦੀ ਥਾਂ 'ਤੇ ਡਾ. ਹਰਵਿੰਦਰ ਲਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਦਾ ਅਹੁਦਾ ਬੁੱਧਵਾਰ ਨੂੰ ਸੰਭਾਲਿਆ।
ਡਾ. ਹਰਵਿੰਦਰ ਲਾਲ ਦੀ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਤਾਇਨਾਤੀ 'ਤੇ ਜਿੱਥੇ ਵਿਭਾਗ ਦੇ ਜ਼ਿਲ੍ਹੇ 'ਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ, ਉੱਥੇ ਹੀ ਪਹਿਲੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੇ ਪਦਉੰਨਤ ਹੋ ਕੇ ਮੁੱਖ ਦਫ਼ਤਰ ਮੋਹਾਲੀ ਵਿਖੇ ਤਾਇਨਾਤ ਹੋਣ 'ਤੇ ਵਧਾਈ ਵੀ ਦਿੱਤੀ ਗਈ। ਡਾ. ਰਾਜ ਕੁਮਾਰ ਨੇ 1988 ਵਿੱਚ ਖੇਤੀਬਾੜੀ ਇੰਸਪੈਕਟਰ ਵਜੋਂ ਵਿਭਾਗ 'ਚ ਆਪਣੀ ਸੇਵਾ ਸ਼ੁਰੂ ਕੀਤੀ ਸੀ। ਉਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਦੀਆਂ ਪਦਉੰਨਤੀਆਂ ਬਾਅਦ 31 ਜਨਵਰੀ 2000 ਨੂੰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤਰੱਕੀ ਹਾਸਲ ਕਰਨ ਉਪਰੰਤ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੇਵਾਵਾਂ ਦਿੱਤੀਆਂ।
ਨਵੇਂ ਆਏ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਜਾਰੀ ਸਾਰੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹ ਦੇੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਦੀ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਬਲਾਕ ਦੇ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਆਉਣ 'ਤੇ ਨਵਾਂਸ਼ਹਿਰ ਦੇ ਬੰਗਾ ਰੋਡ ਸਥਿਤ ਜ਼ਿਲ੍ਹੇ ਦੇ ਮੁੱਖ ਦਫ਼ਤਰ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਫ਼ੋਟੋ ਕੈਪਸ਼ਨ:
ਡਾ. ਰਾਜ ਕੁਮਾਰ, ਜਾਇੰਟ ਡਾਇਰੈਕਟਰ ਖੇਤੀਬਾੜੀ
ਡਾ. ਹਰਵਿੰਦਰ ਲਾਲ, ਮੁੱਖ ਖੇਤੀਬਾੜੀ ਅਫ਼ਸਰ