ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਦੇ ਸਰੋਤ: ਮਨੀਸ਼ ਤਿਵਾੜੀ
ਬਲਾਚੌਰ, 28 ਸਤੰਬਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸੰਸਦ ਮੈਂਬਰ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੇ ਵਿਚਾਰਾਂ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕ ਇਸ ਸਬੰਧੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਤਿਲਕ ਰਾਜ ਸੂਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਰਜਿੰਦਰ ਸਿੰਘ ਛਿੰਦੀ, ਤਰਸੇਮ ਲਾਲ ਚੰਦਿਆਣੀ ਵੀ ਹਾਜ਼ਰ ਸਨ।