ਐਸ.ਸੀ. ਸਿਖਿਆਰਥੀਆਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 27 ਤੋਂ ਸ਼ੁਰੂ : ਹਰਵਿੰਦਰ ਸਿੰਘ

-ਡਿਪਟੀ ਡਾਇਰੈਕਟਰ ਡੇਅਰੀ ਨੇ ਯੋਗ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਕੋਰਸ ਦਾ ਲਾਭ ਉਠਾਉਣ ਦੀ ਅਪੀਲ ਕੀਤੀ
-ਚਾਹਵਾਨ ਉਮੀਦਵਾਰ 24 ਸਤੰਬਰ ਤੱਕ ਭਰ ਸਕਦੇ ਹਨ ਆਪਣਾ ਫਾਰਮ

ਹੁਸ਼ਿਆਰਪੁਰ, 15 ਸਤੰਬਰ :  ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਐਸ.ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ 27 ਸਤੰਬਰ ਤੋਂ ਪਹਿਲਾ ਬੈਚ ਡੇਅਰੀ ਟ੍ਰੇਨਿੰਗ ਸੈਂਟਰ ਫਗਵਾੜਾ ਵਿਖੇ ਸ਼ੁਰੂ ਕੀਤਾ ਜਾਵੇਗਾ।  ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਵਿਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫ਼ਤ ਸਿਖਲਾਈ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਸੰਭਾਲ ਤੇ ਸੁਚਾਰੂ ਮੰਡੀਕਰਨ ਦੀ ਨਵੀਨਤਮ ਤਕਨੀਕਾਂ ਬਾਰੇ ਸਿਖਲਾਈ ਪ੍ਰੋਗਰਾਮ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਸਾਹਿਤ ਵੀ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ 'ਤੇ ਵਿਭਾਗੀ ਕਮੇਟੀ ਵਲੋਂ 24 ਸਤੰਬਰ ਨੂੰ ਕੀਤੀ ਜਾਵੇਗੀ। ਹਰਵਿੰਦਰ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ ਤੇ ਇਸਤਰੀ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ, ਘੱਟ ਤੋਂ ਘੱਟ ਪੰਜਵੀਂ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਵੇ, ਉਹ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਹੁਸ਼ਿਆਰਪੁਰ ਕਮਰਾ ਨੰਬਰ 439, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ (ਫੋਨ ਨੰਬਰ 01882-220025) ਵਿਖੇ 24 ਸਤੰਬਰ ਤੱਕ ਆਪਣਾ ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਲੈ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰ ਨੂੰ 2, 5 ਅਤੇ 10 ਦੁਧਾਰੂ ਪਸ਼ੂਆਂ ਦੀ ਖਰੀਦ 'ਤੇ ਵਿਭਾਗ ਵਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਸਾਰੇ ਯੋਗ ਉਮੀਦਵਾਰਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।