ਕੈਬਨਿਟ ਮੰਤਰੀ ਜਿੰਪਾ ਵਲੋਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਸੁਮਨ ਕੀਤੇ ਅਰਪਿਤ
ਹੁਸ਼ਿਆਰਪੁਰ, 28 ਸਤੰਬਰ: ਜਿਹੜੇ ਸ਼ਹੀਦਾਂ ਦੀ ਬਤੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪ੍ਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸੇ ਕਾਰਨ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਤੇ ਚੱਲਦਿਆਂ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦ ਦੀ ਪ੍ਰਤਿਮਾ 'ਤੇ ਸ਼ਰਧਾ ਸੁਮਨ ਅਰਪਿਤ ਕਰਨ ਮੌਕੇ ਕੀਤਾ। ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ, ਨਸ਼ਾ ਮੁਕਤ ਅਤੇ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਵਿਚ ਸਾਰੇ ਸੂਬਾ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ। ਸ਼ਹੀਦ-ਏ-ਆਜ਼ਮ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਸ਼ਹੀਦ ਭਗਤ ਦੀ ਮਾਤਾ ਜੀ ਨੂੰ ਵੀ ਸਲਾਮ ਕੀਤਾ, ਜਿਨ੍ਹਾਂ ਨੇ ਅਜਿਹੇ ਮਹਾਨ ਸਪੂਤ ਨੂੰ ਜਨਮ ਦਿੱਤਾ। ਇਸ ਉਪਰੰਤ ਉਨ੍ਹਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਅਗਰਵਾਲ, ਪ੍ਰਦੀਪ ਬਿੱਟੂ, ਅਮਰੀਕ ਚੌਹਾਨ, ਮੁਖੀ ਰਾਮ ਤੇ ਚੰਦਰਾਵਤੀ, ਪ੍ਰੋ: ਬਹਾਦਰ ਸਿੰਘ ਸੁਨੇਤ, ਸਾਬਕਾ ਕੌਂਸਲਰ ਕਮਲਜੀਤ ਕੰਮਾ, ਖਰੈਤੀ ਲਾਲ ਕਤਨਾ, ਤੀਰਥ ਰਾਮ, ਗੰਗਾ ਪ੍ਰਸ਼ਾਦ ਤੇ ਕੁਲਵਿੰਦਰ ਹੁੰਦਲ, ਸੰਦੀਪ ਸੈਣੀ, ਮਨਜੋਤ ਕੌਰ, ਮਨਦੀਪ ਕੌਰ, ਹਰਮਿੰਦਰ ਗੋਪੀ ਅਤੇ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ।