ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਰਲਾਇਆ ਜਾਵੇ- ਇੰਜ. ਚੰਦਨ ਸ਼ਰਮਾ

ਨਵਾਂਸ਼ਹਿਰ, 29 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੇ ਪਿੰਡ ਹੰਸਰੋਂ ਵਿਖੇ ਇਨ-ਸਿਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਾਇਕ ਖੇਤੀਬਾੜੀ ਇੰਜੀਨਅਰ ਚੰਦਨ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ-ਡਰਿੱਲ ਆਦਿ ਦੀ ਵਰਤੋਂ ਕਰਨ ਅਤੇ ਵਿਭਾਗ ਵੱਲੋ ਨਿੱਜੀ ਕਿਸਾਨਾਂ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ (ਐਸ.ਐਮ.ਐਸ) ਵਾਲੀ ਕੰਬਾਇਨ ਮਸ਼ੀਨ ਨਾਲ ਹੀ ਕਰਨ 'ਤੇ ਜ਼ੋਰ ਦਿੱਤਾ। ਇਸ ਨਾਲ ਕਿਸਾਨ ਆਪਣੇ ਖੇਤ ਦੀ ਉਪਜਾਊ ਸ਼ਕਤੀ ਵਧਾ ਸਕਦੇ ਹਨ। ਖੇਤੀਬਾੜੀ ਵਿਸਥਾਰ ਅਫਸਰ ਦਲਜੀਤ ਸਿੰਘ ਨੇ ਕਣਕ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਦੀਨਨਾਸ਼ਕ, ਉੱਲੀਨਾਸ਼ਕ ਅਤੇ ਕੀਟਨਾਸ਼ਕ ਦਵਾਈਆਂ ਦਾ ਸਪਰੇਅ ਕਰਨ ਸਮੇਂ ਸਹੀ ਕਿਸਮ ਦੀ ਨੋਜ਼ਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਕਮਲਦੀਪ ਸਿੰਘ, ਪੀ.ਡੀ. (ਪ੍ਰੋਜੈਕਟ ਡਾਇਰੈਕਟਰ) ਆਤਮਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਇਸ ਮੌਕੇ ਆਤਮਾ ਸਕੀਮ ਅਧੀਨ ਲਗਾਈਆਂ ਜਾ ਰਹੀਆ ਟ੍ਰੇਨਿੰਗਾਂ, ਐਕਸਪੋਜ਼ਰ ਵਿਜ਼ਿਟਸ, ਪ੍ਰਦਰਸ਼ਨੀਆਂ ਅਤੇ ਸੈਲਫ ਹੈਲਪ ਗਰੁੱਪ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।