ਡੀ ਸੀ ਅਤੇ ਐਸ ਐਸ ਪੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ



28 ਸਤੰਬਰ ਨੂੰ ਖਟਕੜ ਕਲਾਂ ਵਿੱਚ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ

 ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 26 ਸਤੰਬਰ,  : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਣਾ ਨੇ ਸੋਮਵਾਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 115ਵੇਂ ਜਨਮ ਵਰ੍ਹੇਗੰਢ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
   ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ, ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨਗੇ।
    ਇੱਥੇ ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰੰਧਾਵਾ ਅਤੇ ਮੀਣਾ ਨੇ ਕਿਹਾ ਕਿ ਇਸ ਅਹਿਮ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਬੈਠਣ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਮੁਕੰਮਲ ਯਤਨ ਕੀਤੇ ਜਾ ਰਹੇ ਹਨ।
    ਡੀ ਸੀ ਅਤੇ ਐਸ ਐਸ ਪੀ ਨੇ ਇਸ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤਾਂ ਜੋ ਲੋਕ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਂਟ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਵੱਖ-ਵੱਖ ਕਮੇਟੀਆਂ ਪਿਛਲੇ ਕੁਝ ਦਿਨਾਂ ਤੋਂ ਕੰਮ ਕਰ ਰਹੀਆਂ ਹਨ।
  ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਕਿਹਾ ਕਿ ਸੂਬਾ ਪੱਧਰੀ ਸਮਾਗਮ ਮਹਾਨ ਆਜ਼ਾਦੀ ਘੁਲਾਟੀਏ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਨਿਮਰ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਨਿਛਾਵਰ ਕਰਨ ਵਾਲੇ ਆਪਣੇ ਮਹਾਨ ਸਪੂਤ ਦੀ ਕੁਰਬਾਨੀ ਅਤੇ ਸ਼ਹਾਦਤ ਦਾ ਹਮੇਸ਼ਾਂ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ। 
    ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਸੰਗੀਤਕ ਢੰਗ ਨਾਲ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ।
     ਇਸ ਮੌਕੇ ਐਸ ਡੀ ਐਮ ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ, ਐਸ ਡੀ ਐਮ ਬੰਗਾ ਗੁਰਲੀਨ ਸਿੱਧੂ, ਡੀ ਐਸ ਪੀ ਬੰਗਾ ਸਰਵਣ ਸਿੰਘ ਬੱਲ ਤੇ ਹੋਰ ਅਧਿਕਾਰੀ ਮੌਜੂਦ ਸਨ।