- ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.) ਨੇ ਪੋਲੀਓ ਬੂੰਦਾਂ ਪਿਲਾ ਕੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਕੀਤੀ ਸ਼ੁਰੂਆਤ
- ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ
- ਪਹਿਲੇ ਦਿਨ 30176 ਨਿਕੜਿਆਂ ਨੇ ਪੀਤੀਆਂ 'ਜ਼ਿੰਦਗੀ ਦੀਆਂ ਦੋ ਬੂੰਦਾਂ'
- 19 ਸਤੰਬਰ ਅਤੇ 20 ਸਤੰਬਰ ਨੂੰ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 434 ਟੀਮਾਂ ਸਵਾ ਲੱਖ ਤੋਂ ਵੱਧ ਘਰਾਂ ਦਾ ਖੜਕਾਉਣਗੀਆਂ ਬੂਹਾ
ਨਵਾਂਸ਼ਹਿਰ, 18 ਸਤੰਬਰ 2022 :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਅੱਜ ਜ਼ਿਲ੍ਹੇ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਇਸ ਮੌਕੇ ਪੰਜਾਬ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਰਵਿੰਦਰਪਾਲ ਕੌਰ ਅਤੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਬ ਡਿਵੀਜ਼ਨ ਹਸਪਤਾਲ ਬਲਾਚੌਰ ਵਿਖੇ ਅੱਜ ਪੋਲੀਓ ਦੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਲੀਓ ਰੋਕੂ ਬੂੰਦਾਂ ਪਿਲਾਉਣ ਉਪਰੰਤ ਆਸਮਾਨ ਵਿਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਇਸ ਤਿੰਨ ਦਿਨਾ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ, ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫਸਰ ਡਾ. ਗਗਨ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਪੀਏ ਅਜੇ ਕੁਮਾਰ ਅਤੇ ਸੁੁਸ਼ੀਲ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਡਾ. ਰਵਿੰਦਰਪਾਲ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਪੋਲੀਓ ਦੀਆਂ ਬੂੰਦਾਂ ਕੋਰੋਨਾ ਮਹਾਂਮਾਰੀ ਦੇ ਪ੍ਰੋਟੋਕਾਲ ਨੂੰ ਧਿਆਨ ਵਿਚ ਰੱਖ ਕੇ ਪਿਲਾਈਆਂ ਜਾਣ। ਪੋਲੀਓ ਬੂੰਦਾਂ ਪਿਆਉਣ ਸਮੇਂ ਮਾਸਕ, ਸੈਨੇਟਾਈਜ਼ਰ, ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਪੋਲੀਓ ਦੇ ਨਾਲ-ਨਾਲ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੀ ਸਾਵਧਾਨੀਆਂ ਵਰਤੀਆਂ ਜਾ ਸਕਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬੱਚਿਆਂ ਨੂੰ ਬੂੰਦਾਂ ਪਿਲਾਉਣ ਵੇਲੇ ਉਨ੍ਹਾਂ ਨੂੰ ਛੂਹਿਆ ਨਾ ਜਾਵੇ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਗੋਦ ਵਿਚ ਹੀ ਬੂੰਦਾਂ ਪਿਲਾਈਆਂ ਜਾਣ।
ਉਨ੍ਹਾਂ ਨੇ ਦੱਸਿਆ ਕਿ ਸਾਡਾ ਦੇਸ਼ ਪੋਲੀਓ ਮੁਕਤ ਹੈ। ਭਾਵੇਂ ਪਿਛਲੇ ਗਿਆਰਾਂ ਸਾਲਾਂ ਤੋਂ ਸਾਡਾ ਦੇਸ਼ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਸਾਵਧਾਨੀ ਵਜੋਂ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ, ਕਿਉਕਿ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਫੈਲਾਅ ਜਾਰੀ ਹੈ। ਇਹ ਪੋਲਿਓ ਵਾਇਰਸ ਸਾਡੇ ਦੇਸ਼ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੇ ਉੱਜਵਲ ਭਵਿੱਖ ਬੇਹੱਦ ਅਹਿਮ ਹਨ। ਇਸ ਲਈ ਮੈਂ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਇਨ੍ਹਾਂ ਤਿੰਨ ਦਿਨਾਂ ਵਿਚ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕਰਦੀ ਹਾਂ। ਮਾਪੇ ਆਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਜਨਮ ਕੁੱਝ ਘੰਟੇ ਪਹਿਲਾਂ ਹੀ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬਿਮਾਰੀ ਹੋਵੇ, ਕਿਉਂਕਿ ਇਹ ਦਵਾਈ ਪੀਣ ਨਾਲ ਬੱਚੇ ਦੀ ਸਿਹਤ 'ਤੇ ਕੋਈ ਮਾੜਾ ਅਸਰ ਨਹੀਂ ਹੁੰਦਾ।
ਉੱਧਰ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 30176 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਲਗਪਗ 54.02 ਫੀਸਦੀ ਟੀਚਾ ਪੂਰਾ ਕਰ ਲਿਆ ਹੈ। ਜ਼ਿਲ੍ਹੇ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 55864 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਗਏ, ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ 434 ਟੀਮਾਂ 19 ਸਤੰਬਰ ਅਤੇ 20 ਸਤੰਬਰ ਨੂੰ 1,37430 ਘਰਾਂ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।