ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹੇ 'ਚ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

- 27 ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਡਿਪਟੀ ਕਮਿਸ਼ਨਰ
- ਸਾਈਕਲ ਰੈਲੀ, ਕੈਂਡਲ ਲਾਈਟ ਮਾਰਚ, ਪ੍ਰਦਰਸ਼ਨੀ ਮੈਚ ਅਤੇ ਨਾਟਕ ਰਹਿਣਗੇ ਖਿੱਚ ਦਾ ਕੇਂਦਰ
ਪਟਿਆਲਾ, 26 ਸਤੰਬਰ:  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਵੱਖ ਵੱਖ ਸਮਾਗਮ ਉਲੀਕੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ ਇਸ ਲੜੀ ਤਹਿਤ ਪਟਿਆਲਾ ਵਿਖੇ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਸਤੰਬਰ ਨੂੰ ਸ਼ਾਮ 5 ਵਜੇ ਐਨ.ਆਈ.ਐਸ. ਚੌਂਕ ਤੋਂ ਪੋਲੋ ਗਰਾਊਂਡ ਤੱਕ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਖਿਡਾਰੀ, ਵਿਦਿਆਰਥੀ ਅਤੇ ਪਟਿਆਲਾ ਵਾਸੀ ਸ਼ਿਰਕਤ ਕਰਨਗੇ। ਇਸ ਉਪਰੰਤ ਪੋਲੋ ਗਰਾਊਂਡ ਵਿਖੇ ਹੀ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਗੁਰਸ਼ਰਨ ਸਿੰਘ ਰਚਿਤ ਤੇ ਅਨਾਇਤ ਵੱਲੋਂ ਨਿਰਦੇਸ਼ਤ 'ਬੁੱਤ ਜਾਗ ਪਿਆ' ਨਾਟਕ ਦਾ ਮੰਚਨ ਕੀਤਾ ਜਾਵੇਗਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 28 ਸਤੰਬਰ ਨੂੰ ਸਵੇਰੇ 6 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਤੋਂ ਸਾਈਕਲ ਰੈਲੀ ਕੱਢੀ ਜਾਵੇਗੀ ਅਤੇ ਸਵੇਰੇ 9 ਵਜੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਨੂੰ ਸ਼ਹੀਦ ਭਗਤ ਸਿੰਘ ਪਾਰਕ ਘਲੌੜੀ ਗੇਟ ਵਿਖੇ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ ਅਤੇ ਦਿਨ ਸਮੇਂ ਖੇਡ ਵਿਭਾਗ ਵੱਲੋਂ ਪੋਲੋ ਗਰਾਊਂਡ ਵਿਖੇ ਪ੍ਰਦਰਸ਼ਨੀ ਮੈਚ ਖੇਡਿਆਂ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਲੇਖ ਲਿਖਣ, ਸਲੋਗਨ ਲਿਖਣ ਤੇ ਪੱਗ ਬੰਨਣ ਦੇ ਮੁਕਾਬਲੇ ਕਰਵਾਏ ਗਏ ਹਨ। ਜਦਕਿ 22 ਸਤੰਬਰ ਤੋਂ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਤੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਵਿਖੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ ਜੋ 28 ਸਤੰਬਰ ਤੱਕ ਲੱਗੀਆਂ ਰਹਿਣਗੀਆਂ।
ਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਉਹਨਾਂ ਦੇ 115ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।