ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਸਤੰਬਰ:  ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿਚ 2 ਅਕਤੂਬਰ ਤੱਕ ਚੱਲੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ, ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੂੰ ਪਹਿਲੇ ਨੰਬਰ 'ਤੇ ਆਉਣ ਲਈ ਇਸ ਪਖਵਾੜੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਦੀ ਫੋਟੋ ਅਤੇ ਵੀਡੀਓਜ਼ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਭੇਜਣ ਲਈ ਕਿਹਾ। ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿਚ ਪਲਾਸਟਿਕ ਦੀ ਵਰਤੋਂ ਨੂੰ ਰੋਕਣ, ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡਾਂ ਵਿਚ ਚੱਲ ਰਹੇ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪਲਾਂਟਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਿੰਡ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਇਸ ਪਖਵਾੜੇ ਦੌਰਾਨ ਵੱਧ ਤੋਂ ਵੱਧ ਪਿੰਡਾਂ ਨੂੰ ਓ.ਡੀ.ਐਫ. ਤੋਂ ਓ.ਡੀ.ਐਫ. ਪਲੱਸ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।