ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਖਸਤਾ ਹਾਲਤ ਸੜਕ ਦੇ ਸੁਧਾਰ ਲਈ ਜਿੰਪਾ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ

-ਕੈਬਨਿਟ ਮੰਤਰੀ ਜਿੰਪਾ ਦੇੇ ਲਿਖੇ ਪੱਤਰ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਗਡਕਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਣ ਦਾ ਦਿੱਤਾ ਭਰੋਸਾ
ਹੁਸ਼ਿਆਰਪੁਰ, 19 ਸਤੰਬਰ: ਮਾਲ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪਿਛਲੇ ਦਿਨੀਂ ਕੇਂਦਰੀ ਸੜਕ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਰਾਸ਼ਟਰੀ ਸੜਕ ਦੀ ਬੁਰੀ ਹਾਲਤ ਨੂੰ ਤੁਰੰਤ ਠੀਕ ਕਰਨ ਦੀ ਮੰਗ ਕੀਤੀ ਸੀ, ਜਿਸ 'ਤੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਜਿੰਪਾ ਨੂੰ ਪੱਤਰ ਭੇਜ ਕੇ ਇਸ ਮਾਮਲੇ 'ਤੇ ਆਪਣੇ ਗੰਭੀਰ ਰੁਖ ਤੋਂ ਜਾਣੂ ਕਰਵਾਇਆ ਹੈ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਲਿਖੇ ਪੱਤਰ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੇ ਹਨ।
ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਦੇ ਇਸ ਸਕਰਾਤਮਕ ਜਵਾਬ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਜਲਦ ਹੀ ਇਸ ਸੜਕ ਦੇ ਨਿਰਮਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਰਾਜਾਂ ਨੂੰ ਜੋੜਨ ਵਾਲੀ ਇਹ ਇਕ ਮਹੱਤਵਪੂਰਨ ਸੜਕ ਹੈ, ਪਰੰਤੂ ਹੁਸ਼ਿਆਰਪੁਰ ਦੇ ਨਜ਼ਦੀਕ ਬਹੁਤ ਥਾਵਾਂ ਤੋਂ ਇਹ ਸੜਕ ਬੇਹੱਦ ਟੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਨੂੰ ਲੈ ਕੇ ਲੋਕਾਂ ਨੇ ਕਈ ਵਾਰ ਧਰਨਾ ਦਿੱਤਾ ਹੈ ਅਤੇ ਸੜਕ ਹਾਦਸਿਆਂ ਵਿਚ ਕਈ ਲੋਕ ਆਪਣੀਆਂ ਜਾਨਾਂ ਵੀ ਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ। ਇਸੇ ਸੜਕ ਦੁਆਰਾ ਸ਼ਰਧਾਲੂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗਲਾਮੁੱਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਨੂੰ ਜਾਣ ਲਈ ਵੀ ਇਸੇ ਸੜਕ ਦੀ ਵਰਤੋਂ ਕੀਤੀ ਜਾਂਦੀ ਹੈ। ਸ਼੍ਰੀ ਜਿੰਪਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਸਿੱਧ ਸੈਰ ਸਪਾਟਾ ਕੇਂਦਰ ਧਰਮਸ਼ਾਲਾ ਅਤੇ ਮੈਕਲੌਡਗੰਜ ਜਾਣ ਲਈ ਵੀ ਲੱਖਾਂ ਲੋਕ ਇਸੇ ਸੜਕ ਦਾ ਇਸਤੇਮਾਲ ਕਰਦੇ ਹਨ।
ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ੋਰਦਾਰ ਮੰਗ ਕੀਤੀ ਕਿ ਇਸ ਸੜਕ ਦੇ ਮਹੱਤਵ ਨੂੰ ਦੇਖਦਿਆਂ ਅਤੇ ਹੁਸ਼ਿਆਰਪੁਰ ਦੇ ਨਜ਼ਦੀਕ ਸੜਕ ਦੀ ਬੇਹੱਦ ਖਸਤਾ ਹਾਲਤ ਨੂੰ ਤੁਰੰਤ ਠੀਕ ਕਰਵਾਉਣ ਲਈ ਕੇਂਦਰੀ ਸੜਕ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਰਾਸ਼ਟਰੀ ਰਾਜ ਮਾਰਗ ਅਥਾਰਟੀ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ।