ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ 27 ਸਤੰਬਰ 2022 - ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ,
ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ
ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ
ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ
ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ
ਅਤੇ ਵਿਖਾਵਾ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ
ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੁਝ
ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ 'ਤੇ ਰੋਸ, ਧਰਨੇ ਰੈਲੀਆਂ ਅਤੇ
ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ
ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ
ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ
ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ
ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 25
ਨਵੰਬਰ 2022 ਤੱਕ ਲਾਗੂ ਰਹੇਗਾ।