ਹੁਸ਼ਿਆਰਪੁਰ, 31 ਅਕਤੂਬਰ: ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ 'ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ' ਥੀਮ ਤਹਿਤ ਜ਼ਿਲ੍ਹੇ ਵਿਚ ਵਿਜੀਲੈਂਸ ਜਾਗਰੂਕਤਾ ਸਪਤਾਹ 6 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਡੀ.ਐਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਸ਼੍ਰੀ ਮੁਨੀਸ਼ ਕੁਮਾਰ ਵਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖੰਜੂਰ ਵਿਚ ਸੈਮੀਨਾਰ ਨੂੰ ਸੰਬੋਧਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਕੂਲ ਦੀ ਪ੍ਰਿੰਸੀਪਲ ਡਾ. ਕਿਰਨਪ੍ਰੀਤ ਕੌਰ ਧਾਮੀ ਦੀ ਹਾਜ਼ਰੀ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਕਰੀਬ 500 ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਸ਼੍ਰੀ ਮਨੀਸ਼ ਕੁਮਾਰ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਈ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਭ੍ਰਿਸ਼ਟਾਚਾਰ 'ਤੇ ਨਕੇਲ ਕੱਸੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ, ਕਰਮਚਾਰੀ ਜਾਂ ਉਨ੍ਹਾਂ ਦਾ ਏਜੰਟ ਆਮ ਜਨਤਾ ਦਾ ਕੰਮ ਕਰਨ ਲਈ ਸਰਕਾਰੀ ਫੀਸ ਤੋਂ ਇਲਾਵਾ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਬਹੁਤ ਹੀ ਵਿਸਥਾਰ ਅਤੇ ਵਧੀਆ ਢੰਗ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ।
ਡੀ.ਐਸ.ਪੀ. ਮਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਦੀ ਕਾਰਜ਼ਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਕੇ ਉਸ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੇ ਅਧਿਕਾਰਾਂ ਦੀ ਗਲਤ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਵਿਸ਼ੇਸ਼ ਜਾਂ ਸੰਸਥਾ ਨੂੰ ਨਿੱਜੀ ਜਾਂ ਵਿੱਤੀ ਲਾਭ ਪਹੁੰਚਾਉਂਦਾ ਹੈ, ਤਾਂ ਉਹ ਦੰਡਯੋਗ ਅਪਰਾਧ ਹੈ ਅਤੇ ਕੋਈ ਸਰਕਾਰੀ ਕਰਮਚਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਸਰਕਾਰੀ ਫੰਡਾਂ ਵਿਚ ਕੋਈ ਘੁਟਾਲਾ ਕਰਕੇ ਜਾਂ ਚਲਾਕੀ ਨਾਲ ਭ੍ਰਿਸ਼ਟਾਚਾਰ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੇ ਨਾਮ 'ਤੇ ਕੋਈ ਬੇਨਾਮੀ ਜਾਇਦਾਦ ਖਰੀਦਦਾ ਹੈ, ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸ਼੍ਰੀ ਮੁਨੀਸ਼ ਕੁਮਾਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਨ ਲਈ ਵਿਭਾਗ ਦੇ ਟੋਲ ਫਰੀ ਨੰਬਰ 1800-1800-1000 ਅਤੇ ਵੈਬਸਾਈਟ www.vigilancebureau.punjab.gov.in 'ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਰੀ ਕੀਤੇ ਗਏ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 'ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਸੈਮੀਨਾਰ ਦੇ ਅੰਤ ਵਿਚ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਵੀ ਚੁਕਾਈ।