ਨਵਾਂਸ਼ਹਿਰ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 42840 ਮੀਟਿ੍ਰਕ ਟਨ ਝੋਨੇ ਦੀ ਖਰੀਦ

ਹੁਣ ਤੱਕ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ 79 ਕਰੋੜ ਰੁਪਏ 3500 ਕਿਸਾਨਾਂ ਦੇ ਖਾਤਿਆਂ 'ਚ ਕੀਤੇ ਗਏ ਤਬਦੀਲ
ਨਵਾਂਸ਼ਹਿਰ, 12 ਅਕਤੂਬਰ : ਡਿਪਟੀ ਕਮਿਸ਼ਨਰ ਐਨ.ਪੀ.ਐਸ ਰੰਧਾਵਾ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 43240 ਮੀਟਿ੍ਰਕ ਟਨ ਦੀ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 42840 ਮੀਟਿ੍ਰਕ ਟਨ ਝੋਨੇ ਦੀ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਰੰਧਾਵਾ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਦੱਸਦਿਆਂ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਕੁੱਲ 30 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 11286 ਮੀਟਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਏਜੰਸੀਆਂ ਨੂੰ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਦੀ ਸਮੱਸਿਆ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ 3500 ਕਿਸਾਨਾਂ ਦੇ ਖਾਤਿਆਂ ਵਿੱਚ 79 ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਗਈ ਹੈ ਜੋ ਕਿ 48 ਘੰਟਿਆਂ ਦੀ ਸ਼ਰਤ ਅਨੁਸਾਰ 110 ਫੀਸਦੀ ਬਣਦੀ ਹੈ। ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਖੁਰਾਕੀ ਏਜੰਸੀਆਂ ਅਤੇ ਮੰਡੀ ਬੋਰਡ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਖਰੀਦ ਕਰ ਰਹੀਆਂ ਹਨ। ਖਰੀਦ ਏਜੰਸੀਵਾਰ ਵੇਰਵੇ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਨਗ੍ਰੇਨ ਨੇ 15618 ਮੀਟਿ੍ਰਕ ਟਨ ਦੇ ਰੂਪ ਵਿੱਚ ਸਭ ਤੋਂ ਵੱਡਾ ਹਿੱਸਾ ਖਰੀਦਿਆ ਹੈ ਜਦੋਂ ਕਿ ਪਨਸਪ ਨੇ 12660 ਮੀਟਿ੍ਰਕ ਟਨ ਝੋਨਾ ਖਰੀਦਿਆ ਹੈ। ਇਸੇ ਤਰ੍ਹਾਂ ਮਾਰਕਫੈੱਡ ਨੇ 11072 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਨੇ 3001 ਮੀਟਿ੍ਰਕ ਟਨ, ਐਫ.ਸੀ.ਆਈ. ਨੇ 347 ਅਤੇ ਪ੍ਰਾਈਵੇਟ ਵਪਾਰੀਆਂ ਨੇ 142 ਮੀਟਰਿਕ ਟਨ ਦੀ ਖਰੀਦ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਡੀ ਸੀ ਰੰਧਾਵਾ ਨੇ ਉਨ੍ਹਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਕੈਨੀਕਲ ਉਪਕਰਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਤਾਂ ਜੋ ਵਾਤਾਵਰਣ ਨੂੰ ਧੂਆਂ ਰਹਿਤ ਰੱਖਣ ਦੇ ਨਾਲ-ਨਾਲ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।