ਜ਼ਿਲ੍ਹੇ ਵਿਚ ਨਿਰਧਾਰਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 4 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ, ਹੁਸ਼ਿਆਰਪੁਰ ਸ੍ਰੀ ਸੰਦੀਪ ਹੰਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪਟਾਖੇ ਅਤੇ ਆਤਿਸ਼ਬਾਜ਼ੀ ਕੇਵਲ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਚਲਾਏ ਜਾਣ। ਨਿਰਧਾਰਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਖੇ ਜਾਂ ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ। ਜਾਰੀ ਹੁਕਮਾਂ ਅਨੁਸਾਰ ਮਿਤੀ 24 ਅਕਤੂਬਰ 2022 ਨੂੰ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਮਿਤੀ 8 ਨਵੰਬਰ 2022 ਨੂੰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਹੀ ਪਟਾਖੇ ਚਲਾਏ ਜਾ ਸਕਦੇ ਹਨ। ਇਸ ਤੋਂ ਇਲਾਵਾ 25 ਦਸੰਬਰ 2022 ਨੂੰ ਕ੍ਰਿਸਮਸ ਅਤੇ 31 ਦਸੰਬਰ 2022 ਨੂੰ ਨਵੇਂ ਸਾਲ ਦੀ ਅੱਧੀ ਰਾਤ ਨੂੰ ਰਾਤ 11.55 ਵਜੇ ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਖੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਇਹ ਵੀ ਹੁਕਮ ਕੀਤਾ ਗਿਆ ਹੈ ਕਿ ਖਾਮੋਸ਼ ਖੇਤਰ ਜਿਵੇਂ ਕਿ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਵੇਂ ਕਿ ਮੌਜੂਦਾ ਸਮੇਂ ਦੌਰਾਨ ਆਮ ਤੌਰ 'ਤੇ ਲੋਕ ਆਪਣੇ ਤਿਉਹਾਰ ਅਤੇ ਸਮਾਗਮ ਮਨਾਉਣ ਲਈ ਪਟਾਖੇ/ਆਤਿਸ਼ਬਾਜ਼ੀ ਦੀ ਵਰਤੋਂ ਵੀ ਕਰਦੇ ਹਨ ਅਤੇ ਇਨ੍ਹਾਂ ਨੂੰ ਚਲਾਉਣ ਨਾਲ ਸ਼ੋਰ-ਸ਼ਰਾਬਾ ਹੁੰਦਾ ਹੈ, ਨਾਲ ਹੀ ਨਾਲ ਉਥੇ ਅੱਗ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੇ ਭੰਗ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਜਾਰੀ ਐਕਸਪਲੋਸਿਵ ਰੂਲਜ਼ ਰਾਹੀਂ ਤਿਉਹਾਰਾਂ ਮੌਕੇ ਪਟਾਖੇ ਚਲਾਉਣ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਹੈ।