-ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਹੁਸ਼ਿਆਰਪੁਰ, 01 ਅਕਤੂਬਰ: ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਸ਼ਰਮਾ, ਫੂਡ ਸਪਲਾਈ ਅਫ਼ਸਰ ਸੰਜੀਵ ਕੁਮਾਰ, ਸੀਨੀਅਰ ਐਡੀਟਰ ਪਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ ਤੇ ਅਮਰੀਕ ਚੌਹਾਨ, ਸਾਬਕਾ ਐਮ ਸੀ. ਗੰਗਾ ਪ੍ਰਸਾਦ, ਸੁਮੇਸ਼ ਸੋਨੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।