ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ

ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ 305.36 ਕਰੋੜ ਰੁਪਏ ਦੀ ਕੀਤੀ ਅਦਾਇਗੀ
ਹੁਸ਼ਿਆਰਪੁਰ, 21 ਅਕਤੂਬਰ: ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 305.36 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 86 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 70 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 69 ਖਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਵਿਚ 183855 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 181769 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਦੇ ਮਾਮਲੇ ਵਿਚ ਪਨਗਰੇਨ ਸਭ ਤੋਂ ਮੋਹਰੀ ਹੈ ਅਤੇ ਇਸ ਵਲੋਂ 63012 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵਲੋਂ 42069, ਪਨਸਪ ਵਲੋਂ 31012, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 22682, ਐਫ.ਸੀ.ਆਈ. ਵਲੋਂ 20790 ਅਤੇ ਵਪਾਰੀਆਂ ਵਲੋਂ 2204 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਨਾਲੋ-ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਔਸਤਨ ਖਰੀਦ ਤੋਂ ਬਾਅਦ 24 ਤੋਂ 48 ਘੰਟੇ ਵਿਚ ਅਦਾਇਗੀ ਹੋ ਰਹੀ  ਹੈ, ਜਿਸ ਤੋਂ ਕਿਸਾਨ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਵਾ ਖਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।