ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਕੀਰਤਨ ’ਚ ਕੀਤੀ ਸ਼ਿਰਕਤ - ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ


ਹੁਸ਼ਿਆਰਪੁਰ, 7 ਨਵੰਬਰ:  ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੁਸ਼ਿਆਰਪੁਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵਲੋਂ ਇਸ ਮੌਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਸ਼ਵ ਭਰ ਵਿਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਗੁਰੂ ਸਾਹਿਬ ਵੱਲੋਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ ਵੰਡ ਛਕਣ ਦੀ ਪ੍ਰੇਰਨਾ ਵੀ ਦਿੰਦਾ ਹੈ।  ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ ਹੈ। ਸ੍ਰੀ ਜਿੰਪਾ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ ਅਤੇ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਇਸ ਮੌਕੇ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਤਵੰਤ ਸਿੰਘ ਸਿਆਣ, ਕੌਂਸਲਰ ਵਿਜੇ ਅਗਰਵਾਰ, ਹਰਵਿੰਦਰ ਬਿੰਦਰ, ਮੁਕੇਸ਼ ਕੁਮਾਰ ਮੱਲ, ਹਰਭਗਤ ਸਿੰਘ ਤੁਲੀ, ਅਜੀਤ ਲੱਖੀ ਅਤੇ ਕਮਲਜੀਤ ਕੰਮਾ ਤੋਂ ਇਲਾਵਾ ਸੁਮੇਸ਼ ਸੋਨੀ, ਆਗਿਆ ਪਾਲ ਸਾਹਨੀ ਅਤੇ ਹੋਰ ਹਾਜ਼ਰ ਸਨ।