ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਜਲੰਧਰ ’ਚ 16 ਦਸੰਬਰ ਨੂੰ

ਡਿਪਟੀ ਕਮਿਸ਼ਨਰ ਰੰਧਾਵਾ ਵਲੋਂ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ
ਨਵਾਂਸ਼ਹਿਰ, 9 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਤਸੱਲੀਬਖਸ਼ ਢੰਗ ਨਾਲ ਨਿਪਟਾਰਾ ਕਰਨ ਲਈ ਪੰਜਾਬ ਵਿੱਚ ਸ਼ੁਰੂ ਕੀਤੇ ਜਾ ਰਹੇ 'ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ' ਪ੍ਰੋਗਰਾਮ ਤਹਿਤ 16 ਦਸੰਬਰ ਨੂੰ ਜਲੰਧਰ ਵਿਖੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ  ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਾਣਗੀਆਂ।
ਇਹ ਜਣਾਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਦੋਆਬਾ ਖੇਤਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਜਲੰਧਰ ਤੇ ਕਪੂਰਥਲਾ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।
ਸ੍ਰੀ ਰੰਧਾਵਾ ਨੇ ਦੱਸਿਆ ਕਿ 'ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ' ਪ੍ਰੋਗਰਾਮ ਵਿੱਚ ਪੁੱਜਣ ਵਾਲੇ ਐਨ.ਆਰ.ਆਈਜ਼ ਦੀ ਰਜਿਸਟਰੇਸ਼ਨ 16 ਦਸੰਬਰ ਨੂੰ ਸਵੇਰੇ 10:30 ਵਜੇ ਤੋਂ 11 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਸਮੂਹ ਐਨ.ਆਰ.ਆਈਜ਼ ਨੂੰ ਪ੍ਰਵਾਸੀ ਭਾਰਤੀ ਮਿਲਣੀ ਵਿਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਉਨ੍ਹਾਂ ਤੋਂ ਇਲਾਵਾ ਜ਼ਿਲ੍ਹੇ ਦੇ ਐਸ ਐਸ ਪੀ ਤੇ ਜ਼ਿਲ੍ਹਾ ਮਾਲ ਅਫ਼ਸਰ ਵੀ ਮੌਕੇ 'ਤੇ ਮੌਜੂਦ ਰਹਿਣਗੇ।