ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ 'ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ
ਸਮੀਖਿਆ ਕਰਕੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 19 ਦਸੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ
ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਮਾਲ ਅਧਿਕਾਰੀਆਂ ਦੇ ਕੰਮਾਂ ਦੀ ਸਮੀਖਿਆ
ਕਰਕੇ ਉਨ੍ਹਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਤਹਿਸੀਲਦਾਰਾਂ ਤੇ ਨਾਇਬ
ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿਚ ਗੰਭੀਰਤਾ
ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਬਣਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਵੀ ਮੌਜੂਦ ਸਨ।
ਉਨ੍ਹਾਂ ਮੀਟਿੰਗ ਦੌਰਾਨ ਫਸਲ, ਕਰਜ਼ਾ ਯੋਜਨਾਵਾਂ, ਕੋਰਟ ਕੇਸਾਂ ਤੋਂ ਇਲਾਵਾ ਹੋਰ
ਵਿਸ਼ਿਆਂ 'ਤੇ ਜਾਣਕਾਰੀ ਹਾਸਲ ਕਰਕੇ ਪੈਡਿੰਗ ਮਾਮਲਿਆਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼
ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੇਟੀ ਬਚਾਓ-ਬੇਟੀ ਪੜ੍ਹਾਓ ਪ੍ਰੋਗਰਾਮ ਦੀ
ਸਮੀਖਿਆ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ
ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਤਾਲਮੇਲ ਕਰਕੇ ਸਰਕਾਰੀ ਸਕੂਲਾਂ ਦੀਆਂ
ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਪ੍ਰੋਗਰਾਮ ਤੈਅ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹੇ
ਦੇ 1926 ਆਂਗਣਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਦੀ ਹਦਾਇਤ ਵੀ
ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ
42341 ਲਾਭਪਾਤਰੀਆਂ ਦੇ ਖਾਤਿਆਂ ਵਿਚ 15,24,6200 ਰੁਪਏ ਟਰਾਂਸਫਰ ਕੀਤੇ ਜਾ ਚੁੱਕੇ
ਹਨ।
ਕੋਮਲ ਮਿੱਤਲ ਨੇ ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ
ਯੋਜਨਾਵਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੱਗਰ ਸਿੱਖਿਆ ਅਭਿਆਨ,
ਮਿਡ-ਡੇ-ਮੀਲ, ਖੇਤੀ ਵਿਭਾਗ, ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ ਸਬੰਧੀ ਵੀ
ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ,
ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ
ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ
ਸਨ।