ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਣਗੇ ਮੁੱਖ ਮਹਿਮਾਨ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਣਗੇ ਮੁੱਖ ਮਹਿਮਾਨ
ਨਵਾਂਸ਼ਹਿਰ, 20 ਜਨਵਰੀ  : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਰੀਹਰਸਲਾਂ 23 ਤੇ 24 ਜਨਵਰੀ ਨੂੰ ਕਰਵਾਈਆਂ ਜਾਣਗੀਆਂ। ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀ ਲਈ ਪਿਛਲੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਜ਼ਿੰਮੇਂਵਾਰੀਆਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਰਮਾ ਨੇ ਤਾਕੀਦ ਕੀਤੀ ਕਿ ਹਰ ਵਿਭਾਗ ਉਸ ਨੂੰ ਸੌਂਪੀ ਗਈ ਜ਼ਿੰਮੇਂਵਾਰੀ ਤਨਦੇਹੀ ਨਾਲ ਨਿਭਾਵੇ।  ਉੁਨ੍ਹਾਂ ਕਿਹਾ ਕਿ 26 ਜਨਵਰੀ ਨੂੰ ਸੂਬੇ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੌਮੀ ਝੰਡਾ ਲਹਿਰਾਏ ਜਾਣ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦੇਣ ਲਈ ਅਗਲੀ ਮੀਟਿੰਗ 24 ਜਨਵਰੀ ਨੂੰ ਆਈ ਟੀ ਆਈ ਗਰਾਊਂਡ 'ਚ ਫੁੱਲ ਡਰੈੱਸ ਰੀਹਰਸਲ ਤੋਂ ਬਾਅਦ ਕੀਤੀ ਜਾਵੇਗੀ।  ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਰਚ ਪਾਸਟ, ਪੀ ਟੀ ਸ਼ੋਅ, ਦੇਸ਼ ਭਗਤੀ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਤੋਂ ਇਲਾਵਾ ਵੱਖ-ਵੱਖ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਐਸ ਡੀ ਐਮ-ਕਮ-ਸਹਾਇਕ ਕਮਿਸ਼ਨਰ (ਜਨਰਲ) ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਵੱਖ-ਵੱਖ ਵਿਭਾਗਾਂ ਦੀਆਂ ਲਾਈਆਂ ਗਈਆਂ ਡਿਊਟੀਆਂ ਜਿਨ੍ਹਾਂ 'ਚ ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ, ਸਮਾਗਮ 'ਚ ਪੇਸ਼ਕਾਰੀਆਂ 'ਚ ਭਾਗ ਲੈਣ ਵਾਲੇ ਬੱਚਿਆਂ ਲਈ ਰਿਫ਼੍ਰੈਸ਼ਮੈਂਟ, ਆਰਜ਼ੀ ਪਖਾਨੇ, ਬੈਠਣ ਵਾਲੇ ਬਲਾਕ, ਸਟੇਡੀਅਮ ਦੀ ਸਾਫ਼-ਸਫ਼ਾਈ, ਪਰੇਡ ਦੀ ਤਿਆਰੀ, ਪੀ ਟੀ ਸ਼ੋਅ ਦੀ ਤਿਆਰੀ, ਸਭਿਆਚਾਰਕ ਪੇਸ਼ਕਾਰੀਆਂ ਦੀ ਤਿਆਰੀ, ਲਹਿਰਾਏ ਜਾਣ ਵਾਲੇ ਕੌਮੀ ਝੰਡੇ ਦੀ ਉਪਲਬਧਤਾ ਆਦਿ ਡਿਊਟੀਆਂ ਨੂੰ ਸਮੇਂ ਸਿਰ ਪੂਰੀਆਂ ਕਰਨ ਲਈ ਕਿਹਾ।
       ਮੀਟਿੰਗ 'ਚ ਮੌਜੂਦ ਐਸ ਪੀ (ਐਚ) ਗੁਰਮੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਨਿਰਵਿਘਨ ਆਮਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਆਮ ਜਨਤਾ ਲਈ ਆਈ ਟੀ ਆਈ ਸਟੇਡੀਅਮ ਦਾ ਵਿਚਕਾਰਲਾ ਗੇਟ, ਝਾਕੀਆਂ ਦੀਆਂ ਟਰਾਲੀਆਂ ਲਈ ਸ਼ਿਵਾਲਿਕ ਸਕੂਲ ਵੱਲ ਲੱਗਦਾ ਗੇਟ ਅਤੇ ਵੀ ਵੀ ਆਈ ਪੀ ਆਮਦ ਲਈ ਐਸ ਐਸ ਪੀ ਰਿਹਾਇਸ਼ ਵਾਲਾ ਗੇਟ ਵਰਤੋਂ 'ਚ ਲਿਆਂਦਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ 'ਤੇ ਨਤਮਸਤਕ ਹੋਣ ਦੇ ਪ੍ਰਬੰਧਾਂ ਨੂੰ ਵੀ ਐਸ ਡੀ ਐਮ ਬੰਗਾ (ਵਧੀਕ ਚਾਰਜ) ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੂੰ ਯਕੀਨੀ ਬਣਾਉਣ ਲਈ ਆਖਿਆ। ਇਸ ਤੋਂ ਇਲਾਵਾ ਸ਼ਹਿਰ ਦੇ ਚੌਂਕਾਂ ਅਤੇ ਸ਼ਹਿਰ 'ਚ ਲੱਗੀਆਂ ਕੌਮੀ ਸਖਸ਼ੀਅਤਾਂ ਦੀਆਂ ਪ੍ਰਤਿਮਾਵਾਂ ਨੂੰ ਵੀ ਸਜਾਉਣ ਲਈ ਡਿਊਟੀਆਂ ਲਾਈਆਂ ਗਈਆਂ। ਸਮਾਗਮ ਦੌਰਾਨ ਪੁਲਿਸ, ਸਿਹਤ, ਬਾਗ਼ਬਾਨੀ, ਨਗਰ ਕੌਂਸਲ ਨਵਾਂਸ਼ਹਿਰ, ਵੇਰਕਾ, ਮਿਲਕਫ਼ੈਡ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸਹਿਕਾਰੀ ਬੈਂਕ ਤੇ ਲੀਡ ਬੈਂਕ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਮੀਟਿੰਗ 'ਚ ਏ ਡੀ ਸੀ (ਪੇਂਡੂ ਵਿਕਾਸ) ਦਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਸਿਖਿਆ ਅਫ਼ਸਰ ਕੁਲਤਰਨ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਵਿੰਦਰ ਸਿੰਘ, ਤਹਿਸੀਲਦਾਰ ਸਰਵੇਸ਼ ਰਾਜਨ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਹਰਬਿਲਾਸ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਲਾਲ ਚੋਪੜਾ, ਮਾਰਕੀਟ ਕਮੇਟੀ ਦੇ ਸਕੱਤਰ ਵਰਿੰਦਰਪਾਲ, ਈ ਓ ਬੰਗਾ ਸੁਖਦੇਵ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।