ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਦੀ ਟੀਮ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ - ਅਰਸ਼ਦੀਪ ਸਿੰਘ

17 ਜਨਵਰੀ ਤੱਕ ਮਨਾਇਆ ਜਾਵੇਗਾ ਕੌਮੀ ਸੜਕ ਸੁਰੱਖਿਆ ਸਪਤਾਹ
ਅੰਮਿ੍ਤਸਰ, 15 ਜਨਵਰੀ:-- ਕਮਿਸ਼ਨਰ ਪੁਲਿਸ ਸ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ
ਵੱਲੋਂ 17 ਜਨਵਰੀ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ
ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਪੰਜਵੇਂ ਦਿਨ
ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਮੌਕੇ
ਬੱਸਾਂ, ਟਰੱਕਾਂ 'ਤੇ ਗੱਡੀਆਂ ਦੇ ਰਿਫਲੈਕਟਰ ਲਗਾਏ ਅਤੇ ਡਰਾਈਵਰਾਂ ਨੂੰ ਟਰੈਫਿਕ
ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ। ਸੈਕਟਰੀ ਆਰ ਟੀ ਏ ਸ ਅਰਸ਼ਦੀਪ ਸਿੰਘ ਨੇ
ਦੱਸਿਆ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਤੀ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ
ਦੱਸਿਆ ਕਿ ਸ਼ਨਿੱਚਰਵਾਰ ਅਤੇ ਐਤਵਾਰ ਛੁੱਟੀ ਦੇ ਬਾਵਜੂਦ ਉਹ ਆਪਣੀ ਟੀਮ ਨਾਲ ਦਫਤਰ ਵਿੱਚ
ਲੋਕਾਂ ਦੇ ਬਕਾਇਆ ਕੰਮ ਨਿਪਟਾਉਂਦੇ ਰਹੇ। ਓਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ
ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ
ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ
ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਕੌਮੀ
ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ
ਸਕੇ। ਓਹਨਾਂ ਕਿਹਾ ਕਿ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ
ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ
ਅਜਾਈਂ ਜਾਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ
ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ
ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ 'ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ
ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ
ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ 'ਤੇ ਹੀ ਗੱਡੀਆਂ
ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।