ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਫੰਡ ਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 2 ਜਨਵਰੀ: ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਸਕੀਮ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੱਲ ਰਹੇੇ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਕੰਮ ਪੂਰਾ ਹੋਣ 'ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਜਿਹੜੇ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਏ, ਉਹ ਵੀ ਜਲਦ ਸ਼ੁਰੂ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਐਮ.ਪੀ. ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕੰਮ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।