ਲਿੰਗ ਅਨੁਪਾਤ ਵਿਚ ਸ਼ਹੀਦ ਭਗਤ ਸਿੰਘ ਨਗਰ ਸੂਬੇ ਵਿੱਚੋਂ ਅਵਲ

ਧੀਆਂ ਦਾ ਰਾਖਾ' ਬਣ ਕੇ ਪੂਰੇ ਪੰਜਾਬ ਲਈ ਮਿਸਾਲ ਬਣਿਆ ਨਵਾਂਸ਼ਹਿਰ : ਡੀ ਸੀ ਰੰਧਾਵਾ

ਨਵਾਂਸ਼ਹਿਰ, 28 ਮਾਰਚ  :  ਸ਼ਹੀਦ ਭਗਤ ਸਿੰਘ ਨਗਰ ਨੇ ਲਿੰਗ ਅਨੁਪਾਤ 'ਚ ਪੰਜਾਬ ਦੇ ਮਾਡਲ ਜ਼ਿਲ੍ਹੇ ਵਜੋਂ ਉੱਭਰਦੇ ਹੋਏ 'ਧੀਆਂ ਦੇ ਰਾਖੇ' ਹੋਣ ਦਾ ਸਿਹਰਾ ਆਪਣੇ ਸਿਰ ਬੰਨ੍ਹਿਆ ਹੈ। ਮੁੰਡੇ-ਕੁੜੀਆਂ ਦੇ ਲਿੰਗ ਅਨੁਪਾਤ ਵਿਚ ਜ਼ਿਲ੍ਹਾ ਪੂਰੇ ਪੰਜਾਬ ਵਿੱਚ ਅੱਵਲ ਰਿਹਾ ਹੈ।
ਇਸ ਵੱਡੀ ਪ੍ਰਾਪਤੀ 'ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸਿਹਤ ਵਿਭਾਗ ਦੀ ਪਿੱਠ ਥਪਥਪਾਉਂਦੇ ਹੋਏ ਸਿਹਤ ਸਟਾਫ ਸਣੇ ਗੈਰ-ਸਰਕਾਰੀ ਸੰਗਠਨਾਂ ਤੇ ਜ਼ਿਲ੍ਹਾ ਨਿਵਾਸੀਆਂ ਦੇ ਮਹੱਤਵਪੂਰਨ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 'ਧੀਆਂ ਦਾ ਰਾਖਾ' ਬਣ ਕੇ ਪੂਰੇ ਪੰਜਾਬ ਲਈ ਇਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਉੱਦਮਾਂ ਨਾਲ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ ਰੰਗ ਲਿਆਈ ਹੈ। ਜ਼ਿਲ੍ਹੇ ਵਿੱਚ ਮੁੰਡੇ-ਕੁੜੀਆਂ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2022-23 ਵਿਚ ਸੁਧਰ ਕੇ 1000 ਮੁੰਡਿਆਂ ਪਿੱਛੇ 948 ਕੁੜੀਆਂ ਹੋ ਗਿਆ ਹੈ। ਇਹ ਅੰਕੜਾ ਸੂਬਾਈ ਔਸਤ ਤੋਂ ਵੀ ਕਾਫੀ ਵੱਧ ਹੈ। ਜ਼ਿਲ੍ਹਾ ਸੂਬਾਈ ਔਸਤ 926 ਤੋਂ 22 ਅੰਕਾਂ ਦੀ ਵੱਡੀ ਪੁਲਾਂਘ ਪੁੱਟਦੇ ਹੋਏ 948 'ਤੇ ਪਹੁੰਚ ਗਿਆ ਹੈ ਜੋ ਕਿ ਪੂਰੇ ਸੂਬੇ ਵਿਚ ਸਭ ਤੋਂ ਵੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿੰਗ ਨਿਰਧਾਰਤ ਟੈਸਟਾਂ ਨੂੰ ਰੋਕਣ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਲਾਗੂ ਕਰਨ, ਟ੍ਰੈਕਿੰਗ ਸਿਸਟਮ ਵਿੱਚ ਲਿਆਉਣ ਲਈ ਪਹਿਲੀ ਤਿਮਾਹੀ ਵਿੱਚ ਗਰਭਵਤੀ ਔਰਤ ਨੂੰ ਰਜਿਸਟ੍ਰਡ ਕਰਨ, ਧੀਆਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਮੁਫ਼ਤ ਇਲਾਜ ਵਰਗੀਆਂ ਸਿਹਤ ਸਕੀਮਾਂ ਦਾ ਜਮੀਨੀ ਪੱਧਰ ਤੱਕ ਫਾਇਦਾ ਪਹੁੰਚਾਉਣ, ਬੇਟੀ ਬਚਾਓ-ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਜਨ-ਜਾਗਰੂਕਤਾ ਅੰਦੋਲਨ ਵਿੱਢਣ, ਪੀ.ਸੀ.ਪੀ.ਐਨ.ਡੀ.ਟੀ. ਅਧੀਨ ਧੀਆਂ ਦੀ ਲੋਹੜੀ ਪਾਉਣ, ਨਵਰਾਤਰਿਆਂ ਵਿੱਚ ਤੋਹਫੇ ਦੇ ਕੇ ਧੀਆਂ ਨੂੰ ਸਨਮਾਨਿਤ ਕਰਨ, ਗੈਰ-ਸਰਕਾਰੀ ਸੰਗਠਨਾਂ ਤੇ ਜ਼ਿਲ੍ਹਾ ਨਿਵਾਸੀਆਂ ਦੇ ਸਿਹਤ ਵਿਭਾਗ ਦੇ ਹਰ ਉਪਰਾਲੇ ਵਿੱਚ ਭਰਪੂਰ ਸਹਿਯੋਗ ਸਦਕਾ ਜਨਮ ਦੇ ਸਮੇਂ ਮੁੰਡੇ-ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਰਿਕਾਰਡ ਸੁਧਾਰ ਹੋਇਆ ਹੈ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਕਈ ਸਖ਼ਤ ਕਦਮ ਚੁੱਕ ਰਹੀ ਹੈ। ਸਿਹਤ ਵਿਭਾਗ ਆਪਣੇ ਭਾਈਵਾਲਾਂ ਦੇ ਸਹਿਯੋਗ ਨਾਲ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਸਮੇਂ-ਸਮੇਂ 'ਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਵੀ ਕਰ ਰਿਹਾ ਹੈ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਲੜਕੀ ਪ੍ਰਤੀ ਕੋਈ ਵੀ ਪੱਖਪਾਤ ਨਾ ਹੋਵੇ। ਸਿਹਤ ਵਿਭਾਗ ਪੀਸੀ-ਪੀਐਨਡੀਟੀ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਟਿੰਗ ਆਪ੍ਰੇਸਨ ਕਰਨ ਵਰਗੇ ਸਖਤ ਕਦਮ ਚੁੱਕ ਰਿਹਾ ਹੈ ਅਤੇ ਸਟੇਟ ਪੱਧਰ ਦੇ ਸਿਹਤ ਅਧਿਕਾਰੀ ਸਕੈਨ ਸੈਂਟਰਾਂ 'ਤੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ (ਡੀ ਏ ਏ) ਰਾਹੀਂ ਨਿਯਮਤ ਤੌਰ 'ਤੇ ਜਾਂਚ ਕਰਕੇ ਉਨ੍ਹਾਂ 'ਤੇ ਨਜਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 37 ਅਲਟਰਾਸਾਊਂਡ ਸੈਂਟਰ ਰਜਿਸਟ੍ਰਡ ਹਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਐਕਟ ਦੀਆਂ ਧਾਰਾਵਾਂ ਅਨੁਸਾਰ ਉਨ੍ਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵਾਂਸ਼ਹਿਰ ਸੂਬੇ ਦੇ ਉਨ੍ਹਾਂ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਹੈ, ਜਿੱਥੇ ਹਰ ਮਹੀਨੇ 13 ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਦੇ ਟੀਚੇ ਨੂੰ 100 ਫੀਸਦ ਮੁਕੰਮਲ ਕੀਤਾ ਜਾਂਦਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਉਹ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੇ ਨਿਯਮਾਂ ਅਨੁਸਾਰ ਹੀ ਕੰਮ ਕਰਨ। ਉਨ੍ਹਾਂ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਮਹਿਲਾ 'ਤੇ ਦਬਾਅ ਪਾਉਣਾ ਕਾਨੂੰਨ ਦੀ ਨਜ਼ਰ ਵਿੱਚ ਜੁਰਮ ਹੈ ਤੇ ਐਕਟ ਦੇ ਤਹਿਤ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਜ਼ਾ ਦਿੱਤੀ ਜਾਂਦੀ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ, ਬਲਾਕ, ਜ਼ਿਲ੍ਹਾ ਪੱਧਰ 'ਤੇ ਕਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ ਪ੍ਰੋਗਰਾਮਾਂ ਵਿੱਚ ਲੜਕੀਆਂ ਦੀਆਂ ਪ੍ਰਾਪਤੀਆਂ ਨੂੰ ਦਿਖਾਇਆ ਜਾਂਦਾ ਰਿਹਾ ਹੈ ਤਾਂ ਜੋ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਬਦਲ ਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਣ ਦਿਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਸੁਨੇਹੇ ਵਿਚ ਕਿਹਾ ਕਿ ਧੀਆਂ ਅਤੇ ਪੁੱਤਰਾਂ ਵਿਚ ਕੋਈ ਫਰਕ ਨਹੀਂ ਹੈ ਅਤੇ ਸਮਾਜ ਦੀ ਸੋਚ ਵਿਚ ਵੀ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਧੀਆਂ ਅੱਜ ਸਮਾਜ ਵਿਚ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਕੰਨਿਆ ਭਰੂਣ ਹੱਤਿਆ ਦੇ ਕਲੰਕ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਈਏ। ਧੀਆਂ ਨੂੰ ਵੀ ਜਨਮ, ਵਧੀਆ ਸਿੱਖਿਆ, ਸਿਹਤ ਸੰਭਾਲ ਤੇ ਪੌਸ਼ਟਿਕ ਖੁਰਾਕ ਦਾ ਅਧਿਕਾਰ ਹੈ। ਇਸ ਲਈ ਸਾਡੀ ਇਹ ਜ਼ਿੰਮੇਵਾਰੀ ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਜਨਮ ਲੈਣ ਦਾ ਅਧਿਕਾਰ ਦੇਈਏ।