ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਕਣਕ ਦੀ 457.79 ਕਰੋੜ ਦੀ ਅਦਾਇਗੀ

ਪਟਿਆਲਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ
ਦੀਆਂ 108 ਮੰਡੀਆਂ 'ਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ,
ਜਦੋਂਕਿ ਖਰੀਦੀ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ
ਤੱਕ ਕਿਸਾਨਾਂ ਨੂੰ 457.79 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 4 ਲੱਖ 36 ਹਜਾਰ 013
ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 4 ਲੱਖ 10 ਹਜ਼ਾਰ 573 ਮੀਟਰਿਕ ਟਨ ਦੀ
ਖਰੀਦ ਕੀਤੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਪ੍ਰਕ੍ਰਿਆ ਦਾ
ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਇਹ
ਯਕੀਨੀ ਬਣਾਇਆ ਗਿਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ
ਕਿਸਮ ਦੀ ਦਿਕਤ ਨਾ ਆਵੇ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵੱਲੋਂ 135477 ਮੀਟਰਿਕ ਟਨ,
ਮਾਰਕਫੈਡ ਵੱਲੋਂ 104277 ਮੀਟਰਿਕ ਟਨ, ਪਨਸਪ ਵੱਲੋਂ 91776 ਮੀਟਰਿਕ ਟਨ, ਵੇਅਰ ਹਾਊਸ
ਵੱਲੋਂ 68981 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ ਹੁਣ ਤੱਕ 10062 ਮੀਟਰਿਕ ਟਨ ਕਣਕ
ਖ਼ਰੀਦੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ
ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ
ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ
ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ
ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।