ਹੁਸ਼ਿਆਰਪੁਰ, 16 ਅਪ੍ਰੈਲ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ
ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਨਿਸ਼ਚਿਤ ਸਮੇਂ ਵਿਚ ਹੱਲ ਕੀਤਾ ਜਾ ਰਿਹਾ ਹੈ
ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ
ਹੈ। ਉਹ ਅੱਜ ਵਾਰਡ ਨੰ: 2 ਅਤੇ ਵਾਰਡ ਨੰ: 17 ਵਿਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ
ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ
ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ
ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ
ਹੁਸ਼ਿਆਰਪੁਰ ਵਿਚ ਭੇਦਭਾਵ ਤੋਂ ਬਿਨਾਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਡ ਨੰਬਰ 2 ਵਿਚ 14 ਲੱਖ ਰੁਪਏ ਦੀ ਲਾਗਤ ਨਾਲ ਅਤੇ
ਵਾਰਡ ਨੰਬਰ 17 ਵਿਚ 20.78 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਵਾਇਆ ਜਾ
ਰਿਹਾ ਹੈ। ਉਨ੍ਹਾ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਸ ਗਲੀ ਦੇ
ਨਿਰਮਾਣ ਦੀ ਮੰਗ ਸੀ, ਜਿਸ ਨੂੰ ਪਹਿਲੇ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ
ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਦਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ
ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼
ਦਿੰਦੇ ਹੋਏ ਕਿਹਾ ਕਿ ਕਾਰਜ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ
ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਤੋਂ ਹੀ ਪਹਿਲ ਕਦਮੀ
ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਲਈ
ਸੂਬੇ ਵਿਚ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹੈ।
ਇਸ ਮੌਕੇ ਕੌਂਸਲਰ ਲਵਕੇਸ਼ ਓਹਰੀ, ਕੌਂਸਲਰ ਮਨਜੀਤ ਕੌਰ, ਮੋਹਨ ਲਾਲ, ਸਮੇਸ਼ ਸੋਨੀ ਤੋਂ
ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।