ਮਾਲ ਮੰਤਰੀ ਜਿੰਪਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 3 ਅਪ੍ਰੈਲ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ
ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ
ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ
ਦੇ ਨਿਰਦੇਸ਼ਾਂ 'ਤੇ ਨੁਕਸਾਨ ਦੇ ਮੁਲਾਂਕਣ ਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ
ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਕਰਵਾਈ ਜਾ ਰਹੀ ਹੈ। ਅੱਜ ਹੁਸ਼ਿਆਰਪੁਰ ਦੇ ਪਿੰਡ ਚੌਹਾਲ,
ਥੱਥਲਾਂ, ਬੱਸੀ ਗ਼ੁਲਾਮ ਹੁਸੈਨ ਅਤੇ ਠਰੋਲੀ ਆਦਿ ਵਿਖੇ ਬੇਮੌਸਮੀ ਬਰਸਾਤ ਕਾਰਨ ਖ਼ਰਾਬ
ਹੋਈ ਫ਼ਸਲ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ
ਹੈ ਕਿ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਦੀ ਭਰਪਾਈ ਕਰਕੇ ਕਿਸਾਨਾਂ ਨੂੰ ਜਲਦ ਤੋਂ
ਜਲਦ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੇ ਸੂਬੇ ਵਿਚ ਸਾਰੇ
ਵਿਧਾਇਕ ਸਾਹਿਬਾਨ ਅਧਿਕਾਰੀਆਂ ਦੇ ਨਾਲ ਆਪਣੇ- ਆਪਣੇ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ
ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਾਲ ਹੀ ਵਿਚ ਮੌਸਮ
ਦੇ ਵਿਗੜੇ ਮਿਜਾਜ਼ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਲ ਵਿਭਾਗ ਦੇ
ਅਧਿਕਾਰੀਆਂ ਨੂੰ ਸਮੁੱਚੇ ਸੂਬੇ ਵਿਚ ਤੁਰੰਤ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ
ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ
ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ
ਬੇਮੌਸਮੀ ਬਰਸਾਤ ਕਾਰਨ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਸਮੇਤ ਪੂਰੇ ਜ਼ਿਲ੍ਹੇ ਵਿਚ ਫ਼ਸਲਾਂ
ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿਚ
ਅੰਨਦਾਤੇ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਹੀ
ਗਿਰਦਾਵਰੀ ਕਰਵਾਉਣ ਵਿਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ।