ਅੰਮ੍ਰਿਤਸਰ, 2 ਮਈ: ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲਣ ਦੇਣ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਆਈ ਕਣਕ ਨੂੰ ਬਚਾਉਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਆੜਤੀਆਂ ਨਾਲ ਰਾਬਤਾ ਕਾਇਮ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਰੱਖਦਿਆਂ ਹਰੇਕ ਮੰਡੀ ਵਿੱਚ ਤਰਪਾਲਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਆੜਤੀਆਂ ਨੂੰ ਸਪਸ਼ਟ ਰੂਪ ਵਿੱਚ ਕਿਹਾ ਕਿ ਉਨ੍ਹਾਂ ਕੋਲ ਲੋੜ ਮੁਤਾਬਿਕ ਤਰਪਾਲਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਮੀਂਹ ਆਉਣ ਤੇ ਉਹ ਆਪਣੀਆਂ ਬੋਰੀਆਂ ਖੁਦ ਢੱਕ ਸਕਣ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾ ਜੋ ਫਸਲ ਵਿਕ ਜਾਂਦੀ ਹੈ ਨੂੰ ਸੰਭਾਲਣ ਦੀ ਜਿੰਮੇਵਾਰੀ ਖਰੀਦ ਏਜੰਸੀ ਦੀ ਹੋ ਜਾਂਦੀ ਹੈ ਜਿੰਨਾਂ ਨੂੰ ਸੰਭਾਲਣ ਲਈ ਤਰਪਾਲਾਂ ਦਾ ਵੀ ਏਜੰਸੀਆਂ ਵੱਲੋਂ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕੀ ਹੋਈ ਕਣਕ ਬੇਝਿੱਜਕ ਮੰਡੀਆਂ ਵਿੱਚ ਲੈ ਕੇ ਆਉਣ ਪੰਜਾਬ ਸਰਕਾਰ ਦੇ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ।
ਸ੍ਰੀ ਸੂਦਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੀ ਹੋਈ ਕਣਕ ਦੀ ਅਦਾਇਗੀ 24 ਘੰਟੇ ਦੇ ਅੰਦਰ ਅੰਦਰ ਕਿਸਾਨਾਂ ਨੂੰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਹੋਈ ਕਣਕ ਦੀ 78 ਫੀਸਦੀ ਤੋਂ ਜਿਆਦਾ ਅਦਾਇਗੀ ਕਰ ਦਿੱਤੀ ਗਈ ਹੈ।