ਆਈ.ਟੀ.ਆਈ ਗਰਾਉਂਡ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਐਸ.ਡੀ.ਐਮ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 2 ਅਗਸਤ :ਆਜ਼ਾਦੀ ਦਿਵਸ ਮੌਕੇ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਮੁੱਚੇ ਪ੍ਰੋਗਰਾਮ ਦਾ ਖਾਕਾ ਤਿਆਾਰ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਕੇ ਉਨ੍ਹਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵ ਰਾਜ ਬੱਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਆਈ.ਟੀ.ਆਈ. ਗਰਾਊਂਡ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਪਰੇਡ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫਾਈ, ਪੁਰਸਕਾਰਾਂ ਤੇ ਪ੍ਰਸੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਮੁੱਢਲੀ ਸਹਾਇਤਾ, ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਐਸ.ਡੀ.ਐਮ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਮਾਸ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਹੀ ਢੰਗ ਨਾਲ ਕਰਵਾਈਆਂ ਜਾਣ।