ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਵਿੱਚ ਤੇਜ਼ੀ ਲਿਆਉਣ ਅਧਿਕਾਰੀ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾਂ ਨਾਲ ਕੀਤੀ ਵੀਡੀਓ ਕਾਨਫਰਸਿੰਗ ਦੌਰਾਨ ਦਿੱਤੀ ਜਾਣਕਾਰੀ
- ਨਵਾਂਸ਼ਹਿਰ, 02 ਅਗਸਤ : ਜ਼ਿਲ੍ਹੇ ਵਿੱਚ ਆਈ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀਆਂ ਦੇ ਕੰਮ ਵਿਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹੋਏ ਨੁਕਸਾਨ ਦਾ ਜਾਇਜ਼ਾ ਲਗਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾਂ ਨਾਲ ਕੀਤੀ ਵੀਡੀਓ ਕਾਨਫਰਸਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਪਿੰਡ-ਪਿੰਡ ਜਾ ਕੇ ਗਿਰਦਾਵਰੀ ਦਾ ਕੰਮ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਸਾਤ ਕਾਰਨ ਨੁਕਸਾਨੀਆਂ ਸੜਕਾਂ, ਪੁਲੀਆਂ ਅਤੇ  ਨਹਿਰਾਂ ਦੇ ਪੁਲ੍ਹਾਂ ਦੀ ਮੁਰੰਮਤ ਕਰਨ ਲਈ ਵੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੰਜਾਬ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਵਾਸਤੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਸਰਕਾਰ ਵੱਲੋਂ ਮੁਆਵਜ਼ਾ ਦੇਣ ਸਬੰਧੀ ਦਿੱਤੇ ਜਾਣ ਵਾਲੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾਣ ਤਾਂ ਜੋ ਲੋਕਾਂ ਅਤੇ ਪ੍ਰਸ਼ਾਸ਼ਨ ਵਿਚਾਲੇ ਸੁਖਾਵੇਂ ਸਬੰਧ ਬਣੇ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਸਪੈਸ਼ਲ ਗਿਰਦਾਵਰੀਆਂ ਦਾ ਕੰਮ ਪੂਰੀ ਜ਼ਿੰਮੇਵਾਰੀ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵੀ ਮੁਫਤ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਖਰਾਬ ਹੋਈ ਫਸਲ ਦੀ ਥਾਂ ਦੁਬਾਰਾ ਬਿਜਾਈ ਕਰ ਸਕਣ।
ਇਸ ਮੌਕੇ 'ਤੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਬੰਗਾ ਮਨਰੀਤ ਰਾਣਾ, ਐਸ.ਡੀ.ਐਮ. ਬਲਾਚੌਰ ਵਿਕਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।