ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ 'ਚ ਕੰਮਕਾਜ ਦੀ ਸਮੀਖਿਆ
ਨਵਾਂਸ਼ਹਿਰ, 29 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ
ਐੱਸ.ਐੱਸ.ਪੀ. ਡਾ ਅਖਿਲ ਚੌਧਰੀ ਦੀ
ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼
ਨਾਲ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਇਸ ਮੌਕੇ
ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਪ੍ਰਭਾਵਸ਼ਾਲੀ ਭਵਿੱਖੀ
ਰਣਨੀਤੀ ਉਲੀਕਣ 'ਤੇ ਵਿਚਾਰ-ਚਰਚਾ ਕੀਤੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਹੌਟ
ਸਪਾਟ ਇਲਾਕਿਆਂ ਵਿਚ ਨੌਜਵਾਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ
ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।
ਉਨ੍ਹਾਂ ਨੇ ਸਿਹਤ ਵਿਭਾਗ, ਪੁਲਿਸ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਸਮੇਤ
ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਅੱਜ ਸਮੇਂ ਦੀ ਲੋੜ
ਹੈ ਕਿ ਸਮਾਜ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਉਪਰਾਲੇ ਤੇਜ਼ ਕੀਤੇ
ਜਾਣ। ਇਸ ਲਈ ਹਰ ਵਿਭਾਗ ਅਤੇ ਅਧਿਕਾਰੀ ਆਪਣੇ ਪੱਧਰ 'ਤੇ ਉਪਰਾਲੇ ਕਰੇ। ਉਨ੍ਹਾਂ ਕਿਹਾ ਕਿ ਜੋ
ਵੀ ਨਸ਼ਾ ਰੋਗੀ ਨਸ਼ੇ ਨੂੰ ਛੱਡ ਕੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦਾ ਹੈ, ਉਸ
ਨਾਲ ਹਰ ਪੱਖੋਂ ਸਹਿਯੋਗ ਕਰਕੇ ਉਸ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ
ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਿਹਤ ਸਹੂਲਤਾਂ ਬਾਰੇ ਨੌਜਵਾਨਾਂ ਨੂੰ ਵੱਧ
ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਨਸ਼ੇ ਨੂੰ ਤਿਆਗ ਕੇ ਸਮਾਜ ਦੀ ਮੁੱਖਧਾਰਾ ਵਿਚ
ਸ਼ਾਮਲ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕਤਾ
ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨ ਕੀਤੇ ਜਾਣ, ਤਾਂ
ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰਾਂ
ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਨਤਕ ਹਿੱਤਾਂ
ਦੇ ਮੱਦੇਨਜ਼ਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨੇ
ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਨਸ਼ਾ ਮੁਕਤ ਭਾਰਤ ਮੁਹਿੰਮ ਵਿਚ ਮੋਹਤਵਰ ਲੋਕਾਂ ਨੂੰ
ਸਰਗਰਮ ਭਾਈਵਾਲ਼ ਬਣਦਿਆਂ ਇਸ ਮਹਤੱਵਪੂਰਨ ਕਾਰਜ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ
ਆਉਣਾ ਚਾਹੀਦਾ ਹੈ।
ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਸ਼ਾ ਰੋਗੀਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਕਾਊਂਸਲਿੰਗ
ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਰੋਗੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ
ਹੌਲੀ-ਹੌਲੀ ਡੋਜ ਘੱਟ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਨਸ਼ੇ ਵੱਲ
ਦਿਲਚਸਪੀ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਦੀ ਫੋਲੋਅੱਪ
ਪ੍ਰਕ੍ਰਿਆ ਨੂੰ ਬਿਹਤਰ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ
ਕਰਦੇ ਹੋਏ ਕਿਹਾ ਕਿ ਕੈਮਿਸਟ ਸਟੋਰਾਂ ਦੀ ਨਿਰੰਤਰ ਜਾਂਚ ਯਕੀਨੀ ਬਣਾਈ ਜਾਵੇ। ਨਸ਼ੇ ਦੀਆਂ
ਗੋਲੀਆਂ ਦੀ ਵਿਕਰੀ 'ਤੇ ਨਕੇਲ ਕੱਸਣ ਲਈ ਜ਼ਿਲ੍ਹੇ ਦੇ ਕੈਮਿਸਟ ਸਟੋਰਾਂ ਦੀ ਇੰਸਪੈਕਸ਼ਨ ਹੋਰ
ਸਖਤ ਕੀਤੀ ਜਾਵੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਮਨੋਵਿਗਿਆਨੀ ਡਾ.
ਰਾਜਨ ਸਾਸ਼ਤਰੀ, ਜ਼ਿਲ੍ਹਾ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ
ਸਕਸੈਨਾ, ਬੀ.ਡੀ.ਪੀ.ਓਜ਼ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।