ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਇੰਟੈਂਸਿਵ ਡਰੱਗਜ਼ ਅਵੇਅਰਨੈੱਸ ਪ੍ਰੋਗਰਾਮ ਦੇ ਪਾਇਲਟ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਨਵਾਂਸ਼ਹਿਰ, 23 ਅਗਸਤ:    ਭਾਰਤ ਸਰਕਾਰ ਦੇ ਸਮਾਜਿਕ ਨਿਆ ਤੇ ਅਧਿਕਾਰਤਾ ਮੰਤਰਾਲੇ ਵਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਇੰਟੈਂਸਿਵ ਅਵੇਅਰਨੈਸ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਏਜੰਟ ਅਗੇਂਸਟ ਡਰੱਗਜ਼ ਨਾਮ ਦੀ ਇਕ ਮੈਗਜੀਨ ਨੂੰ ਵੀ ਰਲੀਜ਼ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਮੇਂ 'ਤੇ ਜਿਥੇ ਸਰਕਾਰ ਵਲੋਂ ਅਵੇਅਰਨੈਸ ਪ੍ਰੋਗਰਾਮ ਕਰਵਾਏ ਜਾਂਦੇ ਹਨ, ਉਥੇ ਨਸ਼ੇ ਛੱਡਣ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਦੇ ਵੀ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਹੀ ਢੰਗ ਨਾਲ ਜਾਗਰੂਕ ਕਰਕੇ ਇਸ ਦਲਦਲ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਜਿਹੜੀ ਮੈਗਜੀਨ ਰਲੀਜ ਕੀਤੀ ਗਈ ਹੈ ਉਸਦੀ ਵਰਤੋਂ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਿਖਲਾਈ ਮਡਿਊਲ ਵਜੋਂ ਕੀਤੀ ਜਾਵੇਗੀ, ਜੋ ਕਿ 1 ਸਤੰਬਰ ਤੋਂ ਸ਼ੁਰੂ ਹੋਵੇਗਾ।

        ਇਸ ਦੌਰਾਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਡਾ. ਹਰਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਲਈ ਆਪਦੇ ਅਨੁਭਵ ਸਾਂਝੇ ਕੀਤੇ। ਏ.ਐਸ.ਆਈ ਗੁਰਦੀਪ ਸਿੰਘ ਇੰਚਾਰਜ ਸਬ ਡਵੀਜਨ ਨਵਾਂਸ਼ਹਿਰ ਸਾਂਝ ਦਫ਼ਤਰ ਅਤੇ ਪ੍ਰਮਿੰਦਰ ਸਿੰਘ ਨੇ ਹਿੰਸਾ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਨਾਲ ਕਿਵੇਂ ਨਜਿੱਠਣਾ ਹੈ ਸਬੰਧੀ ਜਾਣਕਾਰੀ ਦਿੱਤੀ।

        ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਭਾਰਤ ਸਰਕਾਰ ਦੇ ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲੇ ਦੀ ਟੀਮ ਵਲੋਂ ਤਿਆਰ ਕੀਤਾ ਗਿਆ ਹੈ ਜਿਸ ਦੀ ਵੀਡੀਓ ਗ੍ਰਾਫੀ ਕਰਕੇ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਸਿੱਖਿਆ ਸਿੱਖਿਆ ਅਫ਼ਸਰ (ਸ) ਜਰਨੈਲ ਸਿੰਘ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।