Fwd: Punjabi and Hindi Press Note--ਅਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਅਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ
ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 15 ਅਗਸਤ: ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ 'ਤੇ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਵਲੋਂ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਇਸ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਨੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦ ਪੂਰਨਿਆਂ 'ਤੇ ਚੱਲਣ ਦਾ ਸੁਨੇਹਾ ਦਿੰਦੇ ਹੋਏ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸੁਤੰਤਰਤਾ ਸੈਨਾਨੀਆਂ ਵਲੋਂ ਸਮੇਂ-ਸਮੇਂ 'ਤੇ ਸ਼ੁਰੂ ਕੀਤੇ ਸੰਘਰਸ਼ਾਂ ਤੇ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦ ਦੇਸ਼ ਦੇ ਨਾਗਰਿਕ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪਿਛਲੇ ਕਰੀਬ ਡੇਢ ਸਾਲ ਦੀਆਂ ਅਹਿਮ ਪ੍ਰਾਪਤੀਆਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਰਵਾਏ ਗਏ ਵਿਲੱਖਣ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਅਤੇ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਮਿਲਣ ਗਏ ਅਤੇ ਉਨ੍ਹਾਂ ਨੇ ਨੁਕਸਾਨ ਦੀ ਪੂਰਤੀ ਲਈ ਸਪੈਸ਼ਲ ਗਿਰਦਾਵਰੀ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸਿਹਤ, ਸਿੱਖਿਆ, ਖੇਡਾਂ, ਬਿਜਲੀ, ਸਰਕਾਰੀ ਨੌਕਰੀਆਂ, ਪ੍ਰਸ਼ਾਸਨਿਕ ਸੁਧਾਰਾਂ, ਜਲ ਸਰੋਤਾਂ, ਵਾਤਾਵਰਣ ਆਦਿ ਨਾਲ ਜੁੜੀਆਂ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ, ਹੱਸਦਾ-ਖੇਡਦਾ ਅਤੇ ਖੁਸ਼ਹਾਲ ਪੰਜਾਬ' ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਹੋ ਰਹੇ ਹਨ। ਹੁਸ਼ਿਆਰਪੁਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੀ ਹਰਿਆਲੀ, ਇਥੋਂ ਦੀ ਆਬੋ-ਹਵਾ ਅਤੇ ਨਾਲ ਲੱਗਦੀਆਂ ਪਹਾੜੀਆਂ, ਇਥੋਂ ਦੇ ਲੋਕਾਂ ਅਤੇ ਉਨ੍ਹਾਂ ਦੇ ਮਿਲਾਪੜੇ ਸੁਭਾਅ ਦੇ ਬੇਹੱਦ ਕਾਇਲ ਹਨ ਅਤੇ ਇਥੇ ਵਾਰ-ਵਾਰ ਆਉਣ ਦਾ ਮਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹÇੁਸਆਰਪੁਰ ਨੂੰ ਜਿਥੇ ਸੰਤਾਂ ਦੀ ਨਗਰੀ ਕਿਹਾ ਜਾਂਦਾ ਹੈ, ਉਥੇ ਇਸ ਜ਼ਿਲ੍ਹੇ ਨੂੰ ਦੇਵਨਗਰੀ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਹੁਸ਼ਿਆਰਪੁਰ ਨਾਲ ਸਬੰਧਤ ਸੁਤੰਤਰਤਾ ਸੈਨਾਨੀਆਂ ਫਖ਼ਰ-ਏ-ਕੌਮ ਹਜ਼ਾਰਾ ਸਿੰਘ, ਮੰਗੂਰਾਮ ਮੁਗੋਵਾਲੀਆ, ਸ਼ਹੀਦ ਕਿਰਪਾ ਸਿੰਘ ਅਤੇ ਭਗਤ ਸਿੰਘ ਝੁੱਗੀਆਂ ਦਾ ਖਾਸ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀ ਬਹੁਤ ਖੁਸ਼ਨਸੀਬ ਹਨ, ਕਿਉਂਕਿ ਉਨ੍ਹਾਂ ਦਾ ਸੰਬੰਧ ਪੰਜਾਬ ਦੇ ਸਭ ਤੋਂ ਵੱਧ ਸਾਖਰਤਾ ਦਰ ਵਾਲੇ ਜ਼ਿਲ੍ਹੇ ਨਾਲ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਿੱਟੀ ਵਿਚ ਇੰਨੀ ਸਮਰੱਥਾ ਹੈ ਕਿ ਇਸ ਤੋਂ ਉਪਰ ਹੋ ਕੇ ਜੋ ਵੀ ਨਿਕਲ ਜਾਵੇ, ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਨੇ ਪ੍ਰਸਿੱਧ ਵਿਗਿਆਨਕ ਪਿਆਰਾ ਸਿੰਘ ਗਿੱਲ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੀ ਭੂਗੋਲਿਕ ਸਥਿਤੀ, ਹਰਿਆਲੀ ਅਤੇ ਵਾਤਾਵਰਣ ਨੂੰ ਦੇਖਦਿਆਂ ਇਸ ਨੂੰ ਈਕੋ ਟੂਰਿਜ਼ਮ ਦੇ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਗਰੀਨ ਬੈਲਟ ਪ੍ਰੋਜੈਕਟ ਭੰਗੀ ਚੋਅ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਥਾਨਾ ਵਿਚ ਨੇਚਰ ਅਵੇਅਰਨੈਸ ਕੈਂਪ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਈਕੋ ਹੱਟਸ ਤੇ ਨੇਚਰ ਟਰੇਲ ਬਣਾਈ ਗਈ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਚੌਹਾਲ ਈਕੋ ਟੂਰਿਜ਼ਮ ਪ੍ਰੋਜੈਕਟ (ਨੇਚਰ ਰਿਟ੍ਰੀਟ ਚੌਹਾਲ) ਦਾ ਵੀ ਹਾਲ ਹੀ ਵਿਚ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਹੱਟਸ ਬਣਾਏ ਗਏ ਹਨ, ਜਿਥੇ ਲੋਕ ਆਪਣੇ ਪਰਿਵਾਰ ਸਮੇਤ ਠਹਿਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਥੇ ਇਕ ਹੋਰ ਹੱਟ ਵੀ ਬਹੁਤ ਜਲਦ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਜੰਗਲ ਅਤੇ ਜੰਗਲੀ ਜੀਵਾਂ ਬਾਰੇ ਜਾਣੂ ਕਰਵਾਉਣਾ ਅਤੇ ਪੰਜਾਬ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।
  ਉਨ੍ਹਾਂ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਵਿਚ 412 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਚੰਗੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ 43 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਹਨ ਅਤੇ ਪਿੰਡ ਦਾਰਾਪੁਰ ਵਿਚ ਬੀਤੇ ਕੱਲ੍ਹ ਇਕ ਹੋਰ ਨਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਬਜਵਾੜਾ ਵਿਚ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਿਵਲ ਲਾਇਨਜ਼ ਹੁਸ਼ਿਆਰਪੁਰ ਵਿਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਲੰਬੇ ਸਮੇਂ ਤੋਂ ਖਸਤਾ ਹਾਲ ਵਿਚ ਚੱਲ ਰਹੀ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਪੰਜਾਬ ਸਰਕਾਰ ਵਲੋਂ 13.74 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬਾਗਬਾਨੀ ਦੇ ਖੇਤਰ ਵਿਚ ਇਕ ਵੱਡਾ ਮਾਅਰਕਾ ਮਾਰਦਿਆਂ ਬਾਗਬਾਨੀ ਅਸਟੇਟ, ਛਾਉਣੀ ਕਲਾਂ ਵਿਚ ਸੂਬੇ ਦੀ ਪਹਿਲੀ ਬਾਇਓ ਫਰਟੀਲਾਈਜ਼ਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ।
ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਜਿਥੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਲੋੜਵੰਦ ਵਿਅਕਤੀਆਂ ਨੂੰ 25 ਸਿਲਾਈ ਮਸ਼ੀਨਾਂ, 5 ਟਰਾਈ ਸਾਈਕਲ ਅਤੇ 5 ਵੀਲ੍ਹ ਚੇਅਰਜ਼ ਵੀ ਸੌਂਪੀਆਂ ਗਈਆਂ। ਇਸ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ। ਪ੍ਰੋਗਰਾਮ ਦੌਰਾਨ ਜਿਥੇ ਪਰੇਡ ਕਮਾਂਡਰ ਆਈ.ਪੀ.ਐਸ ਆਕਰਸ਼ੀ ਜੈਨ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਉਥੇ ਸਕੂਲੀ ਵਿਦਿਆਰਥੀਆਂ ਵਲੋਂ ਮਾਸ ਪੀ.ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ 12 ਝਾਕੀਆਂ ਕੱਢੀਆਂ ਗਈਆਂ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਝਾਕੀ ਪਹਿਲੇ ਸਥਾਨ 'ਤੇ ਆਈ, ਜਿਸ ਨੂੰ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਸਨਮਾਨਿਤ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਬੱਚਿਆਂ ਦੀ ਪੇਸ਼ਕਾਰੀ ਤੋਂ ਖੁਸ਼ ਹੋ ਕੇ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ।
  ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਤੋਂ ਇਲਾਵਾ ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਪੀਕਰ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਅਤੇ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਏ.ਡੀ.ਜੀ.ਪੀ ਨਾਗੇਸ਼ਵਰ ਰਾਓ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵਿਕਰਮ ਸ਼ਰਮਾ ਬੋਬੀ, ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਰਾਜੇਸ਼ਵਰ ਦਿਆਲ ਬੱਬੀ, ਸੀਨੀਅਰ ਆਗੂ ਸਤਵੰਤ ਸਿੰਘ ਸਿਆਣ, ਵਰਿੰਦਰ ਸ਼ਰਮਾ ਬਿੰਦੂ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਆਈ.ਏ.ਐਸ ਅਫ਼ਸਰ ਦਿਵਿਆ ਪੀ, ਐਸ. ਪੀ  ਮਨਜੀਤ ਕੌਰ ਅਤੇ ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਹੋਰ ਅਹਿਮ ਸ਼ਖਸੀਅਤਾਂ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।