ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ: ਐਸ.ਐਸ.ਪੀ., ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ
ਖਟਕੜ ਕਲਾਂ (ਐਸ.ਬੀ.ਐਸ. ਨਗਰ) 27 ਸਤੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 116ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 11:30 ਵਜੇ ਦੇ ਕਰੀਬ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸਮਾਗਮ ਵਾਲੀ ਜਗ੍ਹਾ 'ਤੇ ਲਗਾਏ ਗਏ ਵਿਸ਼ਾਲ ਪੰਡਾਲ ਦੇ ਵਿੱਚ ਸ਼ਿਰਕਤ ਕਰਕੇ ਇੱਕਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ 28 ਤੋਂ 30 ਸਤੰਬਰ 2023 ਤੱਕ ਚੱਲਣ ਵਾਲੇ ਇਨਕਲਾਬ ਫੈਸਟੀਵਲ ਵਿੱਚ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਸਮਾਗਮ ਵੀ ਹੋਣਗੇ ਅਤੇ ਬੱਚਿਆਂ ਦੇ ਲਈ ਝੂਲੇ ਵੀ ਮੁੱਖ ਖਿੱਚ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ ਨੌਜਵਾਨਾਂ ਦੇ ਲਈ ਵੱਖ-ਵੱਖ ਸਟਾਲ ਲਗਾਏ ਗਏ ਹਨ, ਜਿਸ ਦੇ ਵਿੱਚ ਖਾਣ-ਪੀਣ ਦੀਆਂ ਚੀਜਾਂ ਤੋਂ ਇਲਾਵਾ ਖਰੀਦਦਾਰੀ ਦੇ ਲਈ ਸਾਮਾਨ ਹੋਵੇਗਾ।ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਿੱਥੇ ਵੱਖ-ਵੱਖ ਖੇਡਾਂ ਕਰਵਾਈਆਂ ਜਾਣਗੀਆਂ, ਉੱਥੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਉਤਪਾਦਾਂ ਦੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਇਨਕਲਾਬ ਫੈਸਟੀਵਲ ਵਿੱਚ ਸ਼ਿਰਕਤ ਕਰਨ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਯਾਦ ਕਰਕੇ ਸ਼ਰਧਾਂਜਲੀ ਭੇਟ ਕਰਨ ਅਤੇ ਹਮੇਸ਼ਾ ਸਹੀ ਮਾਰਗ 'ਤੇ ਅੱਗੇ ਵੱਧਣ।
ਇਸ ਦੌਰਾਨ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀਆਂ 'ਤੇ ਤਾਇਨਾਤ ਕਰ ਦਿੱਤੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਡਿਊਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਬੰਗਾ ਮਨਰੀਤ ਰਾਣਾ, ਐਸ.ਡੀ.ਐਮ. ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਬਲਾਚੌਰ ਵਿਕਰਮਜੀਤ ਸਿੰਘ ਪਾਂਥੇ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।