‘ਆਯੂਸ਼ਮਾਨ ਭਵ’ ਪ੍ਰੋਗਰਾਮ ਆਮ ਲੋਕਾਂ ਦੀ ਸਿਹਤ ਲਈ ਹੋਵੇਗਾ ਵਰਦਾਨ ਸਾਬਿਤ : ਡਿਪਟੀ ਕਮਿਸ਼ਨਰ


- ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਨਵਾਂਸ਼ਹਿਰ, 14 ਸਤੰਬਰ :    ਡਿਪਟੀ ਕਮਿਸ਼ਨਰ  ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ 'ਆਯੂਸ਼ਮਾਨ ਭਵ' ਪ੍ਰੋਗਰਾਮ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਸਿਹਤ ਸਿੱਖਿਆ ਸਮੱਗਰੀ ਜਾਰੀ ਕੀਤੀ।
          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਸਮੇਤ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ 'ਆਯੂਸ਼ਮਾਨ ਭਵ' ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਵ ਪ੍ਰੋਗਰਾਮ ਆਯੋਜਿਤ ਕਰਨ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।
          ਉਨ੍ਹਾਂ ਦੱਸਿਆ ਕਿ 'ਆਯੂਸ਼ਮਾਨ ਭਵ' ਪ੍ਰੋਗਰਾਮ ਤਹਿਤ ਮਿਤੀ 17 ਤੋਂ 2 ਅਕਤੂਬਰ, 2023 ਤੱਕ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਵੱਛਤਾ, ਖੂਨਦਾਨ ਕੈਂਪਾਂ ਰਾਹੀਂ ਖੂਨ ਇਕੱਠਾ ਕਰਕੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਅਤੇ ਅੰਗਦਾਨ ਕਰਨ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ, ਇਲਾਜ ਤੇ ਮੁਫਤ ਸਰਕਾਰੀ ਸਿਹਤ ਸਹੂਲਤਾਂ ਨੂੰ ਪ੍ਰਮੋਟ ਕੀਤਾ ਜਾਵੇਗਾ। ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਤੱਕ ਸਾਰੀਆਂ ਸਿਹਤ ਸੇਵਾਵਾਂ ਦਾ ਮੁਕੰਮਲ ਲਾਭ ਪਹੁੰਚਾਉਣਾ ਯਕੀਨੀ ਬਣਾਉਣਾ ਵੀ ਹੈ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਵਿਅਕਤੀ, ਕੋਈ ਵੀ ਪਿੰਡ ਤੇ ਕੋਈ ਵੀ ਸ਼ਹਿਰ ਸਿਹਤ ਸਹੂਲਤਾਂ ਤੋਂ ਵਾਂਝਿਆਂ ਨਹੀਂ ਰਹਿਣਾ ਚਾਹੀਦਾ। ਇਹ ਪ੍ਰੋਗਰਾਮ ਆਮ ਲੋਕਾਂ ਨੂੰ 100 ਫੀਸਦੀ ਸਿਹਤ ਸੇਵਾਵਾਂ ਦੇਣ ਅਤੇ ਸਾਡੇ ਲੋਕਾਂ ਨੂੰ ਸਹੀ ਅਰਥਾਂ ਵਿੱਚ ਯੂਨੀਵਰਸਲ ਸਿਹਤ ਕਵਰੇਜ ਦੇ ਉਦੇਸ਼ ਨੂੰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗਾ।
          ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਸਿਹਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਆਯੂਸ਼ਮਾਨ ਆਪਕੇ ਦਵਾਰ, ਆਯੂਸ਼ਮਾਨ ਸਭਾ, ਆਯੂਸ਼ਮਾਨ ਮੇਲਾ ਗਤੀਵਿਧੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 'ਆਯੂਸ਼ਮਾਨ ਮੇਲੇ' ਤਹਿਤ 17 ਤੋਂ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਗੈਰ-ਸੰਚਾਰੀ ਬਿਮਾਰੀ ਦੀ ਜਾਂਚ ਅਤੇ ਇਲਾਜ ਕਰਨ ਤੋਂ ਇਲਾਵਾ ਟੀਬੀ ਦੀ ਬਿਮਾਰੀ ਦੇ ਸ਼ੱਕੀਆਂ ਦੀ ਪਛਾਣ ਕੀਤੀ ਜਾਵੇਗੀ।
          ਇਸ ਮੁਹਿੰਮ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਿਚ ਪਿੰਡ ਪੱਧਰੀ ਸਿਹਤ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿਚ ਸਰਕਾਰੀ ਸਿਹਤ ਸਹੂਲਤਾਂ ਦੀ ਜਾਣਕਾਰੀ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ, ਆਯੂਸ਼ਮਾਨ ਕਾਰਡ, ਟੀਕਾਕਰਨ ਅਤੇ ਟੀਬੀ ਮਰੀਜ਼ਾਂ ਦੀ ਪਛਾਣ ਨੂੰ ਯਕੀਨੀ ਬਣਾਇਆ ਜਾਵੇਗਾ। ਆਯੂਸ਼ਮਾਨ ਸਭਾ'ਇੱਕ ਪਿੰਡ ਪੱਧਰੀ ਮੁਹਿੰਮ ਹੋਵੇਗੀ, ਜਿਸ ਦੌਰਾਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਬਿਮਾਰੀਆਂ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਸਿੱਖਿਆ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੀਆਂ ਗ੍ਰਾਮ ਸਭਾਵਾਂ, ਜਿਨ੍ਹਾਂ ਵਿੱਚ 100 ਫੀਸਦੀ ਆਯੂਸ਼ਮਾਨ ਕਾਰਡ ਬਣ ਚੁੱਕੇ ਹਨ ਅਤੇ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਜਾਂਚ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਗ੍ਰਾਮ ਸਭਾਵਾਂ ਨੂੰ ਆਯੁਸ਼ਮਾਨ ਗ੍ਰਾਮ ਸਭਾ ਦਾ ਦਰਜਾ ਦਿੱਤਾ ਜਾਵੇਗਾ।
          ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।