ਮੁੱਖ ਮੰਤਰੀ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ ਸਿੱਖਿਆ ਸੁਧਾਰ ਲਈ ਨਿਵਕੇਲੀ ਉਦਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 7 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿਚ ਸੁਰੱਖਿਆ ਕਰਮੀ ਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਸ੍ਰੀ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਵਜੀਰ, ਵਿਧਾਇਕ ਸਹਿਬਾਨ ਤੇ ਹੋਰ ਆਗੂ ਵੀ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸਥਾਰਤ ਦੌਰਾ ਵੀ ਇਸ ਦਿਨ ਕੀਤਾ ਜਾਵੇਗਾ। ਇਸ ਉਪਰੰਤ ਉਹ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਵੱਡੇ ਸਮਾਗਮ ਵਿਚ ਸਕੂਲ ਸਿੱਖਿਆ ਲਈ ਵੱਡੀਆਂ ਸੇਵਾਵਾਂ ਪੰਜਾਬ ਦੀ ਜਨਤਾ ਨੂੰ ਸਮਰਪਿਤ ਕਰਨਗੇ। ਉਨਾਂ ਦੱਸਿਆ ਕਿ ਇਸ ਸਮਾਗਮ ਵਿਚ 40-50 ਹਜ਼ਾਰ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿਚ ਰੱਖਕੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇੰਨੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਰੂਰੀ ਨਿਰਦੇਸ਼ ਵੀ ਅਧਿਕਾਰੀਆਂ ਨੂੰ ਦਿੱਤੇ। ਇਸ ਮੀਟਿੰਗ ਵਿਚ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਉਨਾਂ ਇਸ ਪ੍ਰੋਗਰਾਮ ਵਿਚ ਆਉਣ ਵਾਲੇ ਹਰੇਕ ਪੰਜਾਬ ਵਾਸੀ ਦੀ ਸੁਰੱਖਿਆ ਅਤੇ ਉਸਦੀ ਸਮਾਗਮ ਵਿਚ ਬੇਰੋਕ ਪਹੁੰਚ ਨੂੰ ਯਕੀਨੀ ਬਨਾਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ. ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ ਸ. ਮਨਕੰਵਲ ਸਿੰਘ ਚਾਹਲ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀ ਵਰੁਣ, ਐਸ ਪੀ ਅਮਨਦੀਪ ਕੌਰ ਅਤੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।